ਦੋਰਾਹਾ, 27 ਫਰਵਰੀ (ਮਨਜੀਤ ਸਿੰਘ ਗਿੱਲ)-ਦੋਰਾਹਾ ਦੱਖਣੀ ਬਾਈਪਾਸ ਰੋਡ 'ਤੇ ਬਣੀ ਗੈਰ-ਕਾਨੂੰਨੀ ਰਸਤਾ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ, ਜਿਸ ਕਾਰਨ ਕੋਈ ਵੱਡਾ ਹਾਦਸਾ ਹੋ ਸਕਦਾ ਹੈ | ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਨੂੰ ਲਿਖਿਆ ਹੈ, ਪਰ ਪ੍ਰਸ਼ਾਸਨ ਦੀ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੋਰਾਹਾ ਤੋਂ ਲੁਧਿਆਣਾ ਜਾਣ ਵਾਲੀ ਦੱਖਣੀ ਬਾਈਪਾਸ ਰੋਡ 'ਤੇ ਰੇਲਿੰਗ ਕੱਟ ਕੇ ਇੱਕ ਰਸਤਾ ਬਣਾਇਆ ਗਿਆ ਹੈ, ਜੋ ਕਿ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਕਿਸੇ ਵੀ ਸਮੇਂ ਕੋਈ ਵੱਡਾ ਹਾਦਸਾ ਹੋ ਸਕਦਾ ਹੈ | ਸਥਾਨਕ ਨਿਵਾਸੀਆਂ ਨੇ ਲੋਕ ਨਿਰਮਾਣ ਵਿਭਾਗ ਨੂੰ ਲਿਖਤੀ ਸ਼ਿਕਾਇਤ ਵੀ ਦਰਜ ਕਰਵਾਈ, ਪਰ ਵਿਭਾਗ ਨੇ ਕੰਨਾਂ 'ਤੇ ਜੰੂ ਨੀ ਸਰਕੀ | ਸ਼ਿਕਾਇਤਕਰਤਾ ਸਤਪਾਲ ਸਿੰਘ ਨੇ ਦੱਸਿਆ ਕਿ ਦੱਖਣੀ ਬਾਈਪਾਸ ਰੋਡ 'ਤੇ ਕਿਸੇ ਨੇ ਲੋਹੇ ਦੀ ਗਰਿੱਲ ਕੱਟ ਕੇ ਗੈਰ-ਕਾਨੂੰਨੀ ਰਸਤਾ ਬਣਾਇਆ ਹੈ, ਜਿਸ ਕਾਰਨ ਕੋਈ ਵੱਡਾ ਹਾਦਸਾ ਹੋ ਸਕਦਾ ਹੈ | ਇਸ ਦੇ ਬਾਵਜੂਦ ਉਸ ਨੇ 2 ਫਰਵਰੀ ਨੂੰ ਲੋਕ ਨਿਰਮਾਣ ਵਿਭਾਗ ਨੂੰ ਲਿਖਤੀ ਸ਼ਿਕਾਇਤ ਭੇਜੀ | ਵਿਭਾਗ ਨੇ ਕੋਈ ਧਿਆਨ ਨਹੀਂ ਦਿੱਤਾ | ਸਤਪਾਲ ਸਿੰਘ ਨੇ ਦੋਸ਼ ਲਗਾਇਆ ਕਿ ਇਸ ਗੈਰ-ਕਾਨੂੰਨੀ ਰਸਤੇ ਕਾਰਨ ਇਸ ਸੜਕ ਤੋਂ ਲੰਘਣ ਵਾਲੇ ਵਾਹਨ ਕਿਸੇ ਵੀ ਸਮੇਂ ਗੰਭੀਰ ਹਾਦਸੇ ਦਾ ਸ਼ਿਕਾਰ ਹੋ ਸਕਦੇ ਹਨ ਅਤੇ ਲੋਕਾਂ ਦੀ ਜਾਨ-ਮਾਲ ਦਾ ਨੁਕਸਾਨ ਵੀ ਹੋ ਸਕਦਾ ਹੈ | ਜਦੋਂ ਅਸੀਂ ਇਸ ਮਾਮਲੇ ਸਬੰਧੀ ਦੋਰਾਹਾ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਹਰਨਰਿੰਦਰ ਸਿੰਘ ਸ਼ੇਰਗਿੱਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਨੇ ਇਹ ਮਾਮਲਾ ਉਨ੍ਹਾਂ ਦੇ ਦਫ਼ਤਰ ਵਿਚ ਲਿਆਂਦਾ ਹੈ | ਪਰ ਇਹ ਮਾਮਲਾ ਲੋਕ ਨਿਰਮਾਣ ਵਿਭਾਗ (ਪੀ. ਡਬਲਯੂ. ਡੀ.) ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ, ਅਤੇ ਉਨ੍ਹਾਂ ਦੇ ਵਿਭਾਗ ਨੇ ਇਸ ਬਾਰੇ ਜਾਣਕਾਰੀ ਲਿਖਤੀ ਰੂਪ ਵਿਚ ਪੀ. ਡਬਲਯੂ. ਡੀ. ਵਿਭਾਗ ਨਾਲ ਸਾਂਝੀ ਕੀਤੀ ਹੈ | ਜਦੋਂ ਪੀ. ਡਬਲਯੂ. ਡੀ. ਵਿਭਾਗ ਦੇ ਐਕਸੀਅਨ ਰਾਜਿੰਦਰ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਅਤੇ ਉਹ ਜਾਂਚ ਕਰ ਰਹੇ ਹਨ |