ਅਹਿਮਦਗੜ੍ਹ, 29 ਅਪ੍ਰੈਲ (ਰਵਿੰਦਰ ਪੁਰੀ)-ਪਿੰਡ ਛਪਾਰ ਅਤੇ ਆਲੇ-ਦੁਆਲੇ ਦੇ ਖੇਤਰ ਵਿਚ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ | ਪਿੰਡ ਛਪਾਰ ਦੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਪੁਲਿਸ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਇਲਾਕੇ ਦੀ ਪੁਲਿਸ ਪੂਰੀ ਤਰ੍ਹਾਂ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਦੀ ਤਰਜੀਹ ਹੁਣ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਨਹੀਂ, ਸਗੋਂ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨਾ ਰਹਿ ਗਈ ਹੈ | ਸਰਪੰਚ ਬੋਪਾਰਾਏ ਨੇ ਬਹੁਤ ਹੀ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜਿੱਥੇ ਕਿਤੇ ਕੋਈ ਸਿਆਸੀ ਮੌਟਿਵ ਜਾਂ ਰਾਜਨੀਤਕ ਪੱਖ ਹੁੰਦਾ ਹੈ, ਉੱਥੇ ਥਾਣਾ ਮੁਖੀ ਖ਼ੁਦ ਮੌਕੇ 'ਤੇ ਪਹੁੰਚ ਕੇ ਬੜੀ ਮੁਸਤੈਦੀ ਦਿਖਾਉਂਦੇ ਹਨ | ਪਰ ਜਦੋਂ ਕਿਸੇ ਆਮ ਨਾਗਰਿਕ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਚੋਰੀ ਹੁੰਦੀ ਹੈ ਤਾਂ ਪੁਲਿਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਉਸ ਨੂੰ ਠੰਢੇ ਬਸਤੇ ਵਿਚ ਪਾ ਦਿੰਦੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਦੇ ਇਸ ਪੱਖਪਾਤੀ ਰਵੱਈਏ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਪੁਲਿਸ ਦੀ ਇਸ ਨਾਕਾਮੀ ਵਿਰੁੱਧ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਲਤਾਲਾ ਤੇ ਛਪਾਰ ਵਿਖੇ ਅਨੇਕਾਂ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਨ੍ਹਾਂ ਸਬੰਧੀ ਪੁਲਿਸ ਨੂੰ ਸੂਚਿਤ ਵੀ ਕੀਤਾ ਗਿਆ | ਪਰ ਪੁਲਿਸ ਚੋਰੀ ਦੀ ਕਿਸੇ ਵੀ ਵਾਰਦਾਤ ਨੂੰ ਟਰੇਸ ਕਰਨ ਵਿਚ ਕਾਮਯਾਬ ਨਹੀਂ ਹੋ ਸਕੀ | ਸਰਪੰਚ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਨੇ ਆਪਣਾ ਰਵੱਈਆ ਨਾ ਬਦਲਿਆ ਅਤੇ ਚੋਰੀਆਂ 'ਤੇ ਨੱਥ ਨਾ ਪਾਈ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ |