ਅਹਿਮਦਗੜ੍ਹ, 30 ਅਪ੍ਰੈਲ (ਰਵਿੰਦਰ ਪੁਰੀ)-ਪਾਵਰਕਾਮ ਐੈੱਡ ਟਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ 66 ਕੇ. ਵੀ. ਗਰਿੱਡ ਵਿਖੇ ਗੇਟ ਰੈਲੀ ਕੀਤੀ ਗਈ | ਪ੍ਰਧਾਨ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੇਂਟ ਵਲੋਂ ਆਪਣੇ ਵਾਅਦਿਆਂ ਤੋਂ ਭੱਜਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਦਿਨੀਂ ਅਸੀਂ 15 ਦਿਨਾਂ ਦੀ ਮੁਕੰਮਲ ਹੜਤਾਲ ਕੀਤੀ ਸੀ | ਜਿਸ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਇਸ ਸਬੰਧੀ 30 ਅਪ੍ਰੈਲ ਨੂੰ ਵਿੱਤ ਮੰਤਰੀ ਵਲੋਂ ਮੀਟਿੰਗ ਦਿੱਤੀ ਗਈ ਸੀ ਤੇ ਹੁਣ ਵਿੱਤ ਮੰਤਰੀ ਵਲੋਂ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ | ਹੁਣ ਸਰਕਾਰ ਵਲੋਂ ਟਾਲ ਮਟੋਲ ਦੀ ਨੀਤੀ ਅਪਣਾ ਲਈ ਗਈ ਹੈ | ਮੁਲਾਜ਼ਮਾਂ ਵਲੋਂ ਗੇਟ ਰੈਲੀ ਉਪਰੰਤ ਅਣਮਿਥੇ ਸਮੇਂ ਹੜਤਾਲ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਮੈਨੇਜਮੇਂਟ ਵਲੋਂ ਜਲਦ ਹੀ ਸਾਡੀਆਂ ਮੰਗਾਂ ਸਬੰਧੀ ਫ਼ੈਸਲਾ ਨਾ ਲਿਆ ਗਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਸੰਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਜੀਤ ਸਿੰਘ, ਸੁਨੀਲ ਕੁਮਾਰ, ਜਗਦੇਵ ਸਿੰਘ, ਰਾਜੇਸ਼ ਕੁਮਾਰ, ਹਰਵਿੰਦਰ ਸਿੰਘ, ਲਖਵਿੰਦਰ ਸਿੰਘ, ਕਮਲਦੀਪ ਸਿੰਘ, ਸੁਖਵੀਰ ਸਿੰਘ, ਮਨਜੋਤ ਸਿੰਘ ਆਦਿ ਹਾਜ਼ਰ ਸਨ |