ਸਾਹਨੇਵਾਲ, 19 ਮਈ (ਹਨੀ ਚਾਠਲੀ)-ਸਾਹਨੇਵਾਲ ਕਸਬੇ ਚ ਸਫ਼ਾਈ ਸੇਵਕਾਂ ਵਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਨਗਰ ਕੌਂਸਲ ਸਾਹਨੇਵਾਲ ਦੇ ਅਧੀਨ ਆਉਂਦੇ ਵੱਖ ਵੱਖ ਵਾਰਡਾਂ ਦੇ ਅੰਦਰ ਗਲੀਆਂ ਮੁਹੱਲਿਆਂ ਚ ਥਾਂ ਥਾਂ ਤੇ ਕੂੜੇ ਦੇ ਢੇਰ ਲੱਗ ਰਹੇ ਹਨ ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਸਾਹਨੇਵਾਲ ਦੇ ਅਧੀਨ ਆਉਂਦੇ ਵਾਰਡ ਨੰ. 5 ਤੋਂ ਕਾਂਗਰਸ ਪਾਰਟੀ ਤੋਂ ਕੌਂਸਲਰ ਸ਼ਮਸ਼ੇਰ ਸ਼ੇਰੀ ਨੇ ਸਾਹਨੇਵਾਲ ਦੇ ਇਕ ਮੁਹੱਲੇ ਚ ਲੱਗੇ ਕੂੜੇ ਦੇ ਢੇਰ ਨੂੰ ਦਿਖਾਉਣ ਸਮੇਂ ਗੱਲਬਾਤ ਕਰਦਿਆ ਪ੍ਰਗਟ ਕੀਤਾ | ਕੌਂਸਲਰ ਸ਼ੇਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸਾਹਨੇਵਾਲ 'ਚ ਗਲੀਆਂ, ਮੁਹੱਲਿਆਂ, ਬਾਜ਼ਾਰਾਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਗਿਆ ਹੈ ਸਭ ਤੋਂ ਵੱਧ ਪ੍ਰੇਸ਼ਾਨੀ ਆਮ ਜਨਤਾ ਨੂੰ ਝੱਲਣੀ ਪੈ ਰਹੀ ਹੈ ਪਰ ਸਰਕਾਰ ਇਸ ਗੰਭੀਰ ਸਥਿਤੀ ਨੂੰ ਦੇਖ ਕੇ ਵੀ ਟੱਸ ਤੋਂ ਮੱਸ ਨਹੀਂ ਹੋ ਰਹੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਖ਼ਤਮ ਕਰਵਾਉਣ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਕਰਨ ਚ ਸੂਬਾ ਸਰਕਾਰ ਨਾਕਾਮ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਜੇ ਸਰਕਾਰ ਸਮੇਂ ਸਿਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਤੇ ਧਿਆਨ ਦਿੰਦੀ ਤਾਂ ਅੱਜ ਲੋਕਾਂ ਨੂੰ ਇਸ ਹਾਲਾਤ ਦਾ ਸਾਹਮਣਾ ਨਾ ਕਰਨਾ ਪੈਂਦਾ | ਕੌਂਸਲਰ ਸ਼ੇਰੀ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਕਿਹਾ ਕਿ ਸਰਕਾਰ ਨੂੰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ ਤਾਂ ਜੋ ਸ਼ਹਿਰ ਨੂੰ ਗੰਭੀਰ ਸਿਹਤ ਸੰਕਟ ਤੋਂ ਬਚਾਇਆ ਜਾ ਸਕੇ |