ਮਲੌਦ, 16 ਜੂਨ (ਦਿਲਬਾਗ ਸਿੰਘ ਚਾਪੜਾ)-ਨੌਜਵਾਨ ਅਕਾਲੀ ਆਗੂ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਲੋਕ ਲਹਿਰ ਬਣਦੀ ਨਜ਼ਰ ਆ ਰਹੀ ਹੈ। ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਲਕਾ ਪਾਇਲ ਵਿੱਚ ਕੀਤੇ ਮੋਟਰਸਾਈਕਲ ਮਾਰਚ ਨੇ ਸਾਬਿਤ ਕਰ ਦਿੱਤਾ ਹੈ ਕਿ ਲੋਕ ਪੰਜਾਬ ਵਿੱਚ ਪੰਥਕ ਸੋਚ ਰੱਖਣ ਵਾਲਿਆਂ ਨੂੰ ਰਾਜ ਭਾਗ ਦੇਣ ਦਾ ਮਨ ਬਣਾ ਚੁੱਕੇ ਹਨ। ਇਸ ਮਾਰਚ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਨੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਹ ਸਿਆਸਤ ਦੇ ਨਾਲ ਨਾਲ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਖ਼ਾਲਸਾ ਵਹੀਰ ਸ਼ੁਰੂ ਕਰਨਗੇ। ਜਿਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਧਾਰਮਿਕ ਖੇਤਰ ਨਾਲ ਜੋੜਿਆ ਜਾਵੇਗਾ। ਉਕਤ ਆਗੂਆਂ ਨੇ ਦੱਸਿਆ ਕਿ ਉਹ ਦੂਜੀਆਂ ਪਾਰਟੀਆਂ ਦੀਆਂ ਨਕਾਮੀਆਂ ਦੱਸ ਕੇ ਆਪਣਾ ਅਤੇ ਪੰਜਾਬ ਵਾਸੀਆਂ ਦਾ ਸਮਾਂ ਬਰਬਾਦ ਨਹੀਂ ਕਰਨਗੇ। ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਮੀਰੀ ਅਤੇ ਪੀਰੀ ਦੇ ਸਿਧਾਂਤ ਅਨੁਸਾਰ ਚੱਲ ਕਿ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਜਰੀਏ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਪ੍ਰਸ਼ਾਸਨ ਦੇਣਗੇ। ਆਉਣ ਵਾਲੇ ਦਿਨਾਂ ਵਿੱਚ ਵੱਡੀ ਪੱਧਰ ਤੇ ਪੰਜਾਬ ਲਈ ਉਸਾਰੂ ਸੋਚ ਰੱਖਣ ਵਾਲਿਆਂ ਦੀ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਮੂਲੀਅਤ ਹੋਣ ਜਾ ਰਹੀ ਹੈ।
ਹਲਕਾ ਪਾਇਲ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਮੋਟਰਸਾਈਕਲ ਮਾਰਚ ਨੂੰ ਮਿਲਿਆ ਭਰਵਾਂ ਹੁੰਗਾਰਾ-ਇਯਾਲੀ
ਅਜੀਤ ਡੈਸਕ
18-06-2026