02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਾਹਨੇਵਾਲ ਦੀਆਂ ਦੁਕਾਨਾਂ ਬੰਦ ਕਰਵਾ ਕੇ ਸਫ਼ਾਈ ਸੇਵਕਾਂ ਨੇ ਸਰਕਾਰ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 01-08-2026
ਸਾਹਨੇਵਾਲ, 31 ਜੁਲਾਈ (ਹਨੀ ਚਾਠਲੀ)-ਸਫ਼ਾਈ ਸੇਵਕਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਅਤੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ‘ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ 30 ਜੁਲਾਈ ਨੂੰ ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਸਾਹਨੇਵਾਲ ਵਿਖੇ ਭਾਵਾਧਸ ਪੰਜਾਬ ਦੇ ਪ੍ਰਧਾਨ ਸਵਰਨ ਕੁਮਾਰ ਸੋਨੀ ਅਤੇ ਸਫ਼ਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ ਵਲੋਂ ਸਾਹਨੇਵਾਲ ਕਸਬੇ ਦੀਆਂ ਦੁਕਾਨਾਂ ਨੂੰ ਮੁਕੰਮਲ ਬੰਦ ਕਰਵਾ ਕੇ ਰੋਸ ਮਾਰਚ ਕੱਢਣ ਉਪਰੰਤ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਵਰਨ ਕੁਮਾਰ ਸੋਨੀ ਅਤੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਆਪਣੀਆਂ ਹੱਕੀ ਅਤੇ ਅਤੀ ਜ਼ਰੂਰੀ ਮੰਗਾਂ ਦੀ ਪੂਰਤੀ ਲਈ ਕਾਫ਼ੀ ਸਮੇਂ ਤੋਂ ਲਗਾਤਾਰ ਸੰਘਰਸ਼ ਅਤੇ ਹੜਤਾਲ ਕਰ ਰਹੇ ਹਨ। ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦਾ ਸੱਦਾ ਇਸ ਲਈ ਦਿੱਤਾ ਗਿਆ ਹੈ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਸਫ਼ਾਈ ਸੇਵਕਾਂ ‘ਤੇ ਬਰਨਾਲਾ ਵਿਖੇ ਪੁਲਿਸ ਦੇ ਡੀ. ਐੱਸ. ਪੀ. ਅਤੇ ਐੱਸ. ਐੱਚ. ਓ. ਵਲੋਂ ਘਟੀਆ ਵਤੀਰਾ ਅਪਣਾਉਂਦਿਆਂ ਲਾਠੀਚਾਰਜ ਕੀਤਾ ਗਿਆ ਸੀ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪਰ ਐਨੇ ਦਿਨ ਬੀਤਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਖਾਨਾਪੂਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵਲੋਂ ਬਰਨਾਲਾ ਦੇ ਉਕਤ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕਰਦੀ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਸਵਰਨ ਸੋਨੀ ਤੇ ਸੁਖਦੇਵ ਸਿੰਘ ਨੇ ਸਾਹਨੇਵਾਲ ਦੇ ਸਮੂਹ ਦੁਕਾਨਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਧੰਨਵਾਦੀ ਹਾਂ ਤੁਹਾਡਾ ਜੋ ਕਿ ਤੁਸੀਂ ਸਾਰੇ ਦੁਕਾਨਦਾਰਾਂ ਨੇ ਆਪਣੀਆਂ ਆਪਣੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਦੁਕਾਨਾਂ ਬੰਦ ਕਰ ਕੇ ਸਾਡਾ ਸਹਿਯੋਗ ਦਿੱਤਾ। ਇਸ ਮੌਕੇ ਭਾਰੀ ਗਿਣਤੀ ਵਿਚ ਸਫ਼ਾਈ ਸੇਵਕ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਅਗਲੀ ਖ਼ਬਰ ਛੇਵੀਂ ਤੋਂ ਲਾਗੂ ਕੀਤਾ ਜਾਵੇ ਤਿੰਨ ਭਾਸ਼ਾਈ ਫਾਰਮੂਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।