ਮਹਿੰਗਾਈ ਖ਼ਿਲਾਫ਼ ਕਾਂਗਰਸ ਵਲੋਂ ਮੁੱਖ ਚੌਕ ’ਚ ਰੋਸ ਪ੍ਰਦਰਸ਼ਨ- ਮੋਦੀ ਦਾ ਪੁਤਲਾ ਫੂਕਿਆ
ਸਮਰਾਲਾ, 28 ਅਗਸਤ (ਕੁਲਵਿੰਦਰ ਸਿੰਘ)-ਮੁੱਖ ਚੌਂਕ ਸਮਰਾਲਾ ‘ਚ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਧ ਰਹੀ ਮਹਿੰਗਾਈ ਦੇ ਰੋਸ ਵਜੋਂ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ‘ਚ ਹੋਏ ਇਸ ਰੋਸ ਪ੍ਰਦਰਸ਼ਨ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਸਮਰਾਲਾ, 28 ਅਗਸਤ (ਕੁਲਵਿੰਦਰ ਸਿੰਘ)-ਮੁੱਖ ਚੌਂਕ ਸਮਰਾਲਾ ‘ਚ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਧ ਰਹੀ ਮਹਿੰਗਾਈ ਦੇ ਰੋਸ ਵਜੋਂ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ‘ਚ ਹੋਏ ਇਸ ਰੋਸ ਪ੍ਰਦਰਸ਼ਨ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਉਪਰੰਤ ਕਾਂਗਰਸੀ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਮਹਿੰਗਾਈ ਨੇ ਆਮ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਚੀਨੀ, ਤੇਲ ਅਤੇ ਰੋਜ਼ਮਰ੍ਹਾ ਦੀਆਂ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਪਰਿਵਾਰਾਂ ਲਈ ਦੋ ਵਕਤ ਦੀ ਰੋਟੀ ਦਾ ਪ੍ਰਬੰਧ ਕਰਨਾ ਵੀ ਮੁਸ਼ਕਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਕਾਂਗਰਸ ਦੇ ਰਾਜ ਨੂੰ ਯਾਦ ਕਰ ਰਹੇ ਹਨ ਅਤੇ ਮੁੜ ਕਾਂਗਰਸ ਦਾ ਰਾਜਭਾਗ ਦੇਖਣਾ ਚਾਹੁੰਦੇ ਹਨ। ਰਾਜਾ ਗਿੱਲ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਮਜ਼ਦੂਰਾਂ, ਕਿਸਾਨਾਂ, ਗ਼ਰੀਬਾਂ ਅਤੇ ਆਮ ਲੋਕਾਂ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕੀਤਾ ਹੈ। ਆਮ ਘਰਾਂ ਵਿਚ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਰਸੋਈ ਦੀਆਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਲੱਖਾ ਪਾਇਲ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਨਰਕ ਬਣਾ ਕੇ ਰੱਖ ਦਿੱਤਾ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਜਤਿੰਦਰ ਸਿੰਘ ਜੋਗਾ ਬਲਾਲਾ, ਸਾਬਕਾ ਚੇਅਰਮੈਨ ਅਜਮੇਰ ਸਿੰਘ ਪੂਰਬਾ ਅਤੇ ਐਡਵੋਕੇਟ ਜਸਪ੍ਰੀਤ ਕਲਾਲਮਾਜਰਾ ਨੇ ਕਿਹਾ ਕਿ ਮਹਿੰਗਾਈ ਦਾ ਸਭ ਤੋਂ ਵੱਧ ਅਸਰ ਉਨ੍ਹਾਂ ਪਰਿਵਾਰਾਂ ‘ਤੇ ਪੈ ਰਿਹਾ ਹੈ, ਜਿਨ੍ਹਾਂ ਦੀ ਆਮਦਨ ਸੀਮਤ ਹੈ ਅਤੇ ਜਿਨ੍ਹਾਂ ਨੂੰ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਵੀ ਕਈ ਵਾਰ ਸੋਚਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਕਾਰਪੋਰੇਟ ਘਰਾਣਿਆਂ ਦਾ ਭਲਾ ਸੋਚਿਆ ਹੈ ਜਦਕਿ ਮਹਿੰਗਾਈ ਨੇ ਆਮ ਲੋਕਾਂ ਦੀ ਰਸੋਈ ਦਾ ਬਜਟ ਬੁਰੀ ਤਰ੍ਹਾਂ ਵਿਗਾੜ ਕੇ ਰੱਖ ਦਿੱਤਾ ਹੈ। ਇਸ ਮੌਕੇ ਐਡਵੋਕੇਟ ਗਗਨਦੀਪ ਸ਼ਰਮਾ, ਬਲਵਿੰਦਰ ਸਿੰਘ ਬੰਬ ਪ੍ਰਧਾਨ ਐੱਸ. ਸੀ. ਵਿੰਗ, ਜਸਵਿੰਦਰ ਸਿੰਘ ਗੋਗੀ, ਪਰਮਿੰਦਰ ਸਿੰਘ ਗੋਲਡੀ, ਵਰਿੰਦਰ ਸਿੰਘ ਵਿੱਕੀ ਢੰਡੇ, ਦਲਵੀਰ ਸਿੰਘ ਸਵੈਚ, ਰਿੰਕੂ ਧਾਲੀਵਾਲ ਆਦਿ ਤੋਂ ਇਲਾਵਾ ਹੋਰ ਵੀ ਸਮਰਥਕ ਹਾਜ਼ਰ ਸਨ।