ਬਰਨਾਲਾ, 13 ਫਰਵਰੀ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਪੈਸ਼ਲ ਕੈਂਪ ਲਗਾ ਕੇ ਟੀਕਾਕਰਨ ਹਫ਼ਤਾ ਮਨਾਉਣ ਦੀ ਸ਼ੁਰੂਆਤ ਕੀਤੀ ਗਈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਮੁਹਿੰਮ ਬਰਨਾਲਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ ਅਤੇ ਅਰਬਨ ਏਰੀਏ ਵਿਚ ਚਲਾਈ ਜਾ ਰਹੀ ਹੈ | ਟੀਕਾਕਰਨ ਨਾਲ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਜਿਵੇਂ ਕਿ ਪੋਲਿਓ ਆਦਿ ਤੋਂ ਮੁਕਤੀ ਪਾਈ ਜਾ ਸਕਦੀ ਹੈ ਅਤੇ ਬੱਚਿਆਂ ਦੀਆਂ ਮਾਰੂ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ | ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਸਨ | ਇਸ ਤੋਂ ਇਲਾਵਾ ਪ੍ਰਵਾਸੀ ਆਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਟੀਕਾਕਰਨ ਸਹਾਇਕ ਗੁਰਦੀਪ ਸਿੰਘ ਆਦਿ ਹਾਜ਼ਰ ਸਨ |