ਬਰਨਾਲਾ, 13 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਪੱਤੀ ਸੇਖਵਾਂ ਦੇ ਸਰਪੰਚ ਅਤੇ ਚਾਰ ਪੰਚਾਇਤ ਮੈਂਬਰਾਂ ਨੂੰ ਡੀ.ਡੀ.ਪੀ.ਓ. ਬਰਨਾਲਾ ਵਲੋਂ ਮੁਅੱਤਲ ਕੀਤੇ ਜਾਣ ਦੇ ਜਾਰੀ ਕੀਤੇ ਗਏ ਹੁਕਮਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਵਲੋਂ ਇਸ ਨੂੰ ਆਮ ਆਦਮੀ ਪਾਰਟੀ ਸਰਕਾਰ ਅਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਕਰਾਰ ਦਿੱਤਾ ਗਿਆ ਹੈ | ਸ: ਕੀਤੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਦੀ ਸ਼ਹਿ 'ਤੇ ਐਸ.ਸੀ. ਭਾਈਚਾਰੇ ਨਾਲ ਸੰਬੰਧਿਤ ਸਰਪੰਚ ਬੀਬੀ ਪਰਦੀਪ ਕੌਰ ਤੋਂ ਇਲਾਵਾ ਪੰਚਾਇਤ ਮੈਂਬਰ ਜਸਵੀਰ ਕੌਰ, ਕਾਕਾ ਸਿੰਘ, ਜਸਪਾਲ ਸਿੰਘ ਅਤੇ ਗੁਰਮੇਲ ਕੌਰ ਨੂੰ ਬਿਨਾਂ ਕਿਸੇ ਠੋਸ ਕਾਰਨ ਦੇ ਮੁਅੱਤਲ ਕੀਤਾ ਗਿਆ ਹੈ | ਜੋ ਸਰਾਸਰ ਧੱਕੇਸ਼ਾਹੀ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਸਰਕਾਰ ਅਤੇ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਜਦੋਂ ਤੋਂ ਬੀਬੀ ਪਰਦੀਪ ਕੌਰ ਜਿੱਤ ਕੇ ਪਿੰਡ ਪੱਤੀ ਸੇਖਵਾਂ ਦੇ ਸਰਪੰਚ ਬਣੇ ਸਨ, ਉਸ ਸਮੇਂ ਤੋਂ ਹੀ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਸੀ ਹੋ ਰਹੀ ਕਿ ਜਨਰਲ ਸੀਟ ਉੱਪਰ ਐਸ.ਸੀ. ਸਰਪੰਚ ਕਿਵੇਂ ਬਣ ਗਿਆ | ਇਸੇ ਗੱਲ ਨੂੰ ਲੈ ਕੇ ਉਨ੍ਹਾਂ ਵਲੋਂ ਆਨੇ-ਬਹਾਨੇ ਸਰਪੰਚ ਅਤੇ ਉਸ ਦੇ ਹਮਾਇਤੀ ਪੰਚਾਇਤ ਮੈਂਬਰਾਂ ਨੂੰ ਮੁਅੱਤਲ ਕਰਵਾਏ ਜਾਣ ਦੀ ਕਾਰਵਾਈ ਕੀਤੀ ਜਾ ਰਹੀ ਸੀ | ਸ: ਕੀਤੂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਪਿੰਡ ਪੱਤੀ ਸੇਖਵਾਂ ਦੇ ਮੁਅੱਤਲ ਕੀਤੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੂੰ ਬਹਾਲ ਨਾ ਕੀਤਾ ਗਿਆ ਤਾਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਤੇਜਿੰਦਰ ਸਿੰਘ ਸੋਨੀ ਜਾਗਲ, ਕੁਲਦੀਪ ਸਿੰਘ ਸਾਬਕਾ ਪੰਚ ਅਤੇ ਕਾਕਾ ਸਿੰਘ ਪੰਚ ਵੀ ਮੌਜੂਦ ਸਨ |