ਟੱਲੇਵਾਲ, 14 ਫਰਵਰੀ (ਸੋਨੀ ਚੀਮਾ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਬੀਹਲਾ ਵਿਖੇ ਭਾਈ ਲਾਲੋ ਪੰਜਾਬੀ ਮੰਚ ਦੇ ਸੀਨੀਅਰ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਸਬ-ਸੈਂਟਰ ਵਿਚ ਸਪੈਸ਼ਲਿਸਟ ਡਾਕਟਰਾਂ ਅਤੇ ਸਹਾਇਕ ਸਟਾਫ਼ ਦੀ ਲੰਬੇ ਸਮੇਂ ਤੋਂ ਚੱਲ ਰਹੀ ਭਾਰੀ ਘਾਟ ਵਿਰੁੱਧ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਤੁਰੰਤ ਅਸਾਮੀਆਂ ਭਰਨ ਦੀ ਮੰਗ ਉਠਾਈ | ਇਸ ਮੌਕੇ ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿਚ ਵਧੀਆ ਸਿਹਤ ਸੇਵਾਵਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਉਲਟ ਹੈ | ਡਾਕਟਰਾਂ ਅਤੇ ਸਟਾਫ਼ ਦੀ ਕਮੀ ਕਾਰਨ ਮਰੀਜ਼ਾਂ ਨੂੰ ਮਜਬੂਰੀ ਵਿਚ ਨਿੱਜੀ ਹਸਪਤਾਲਾਂ ਦਾ ਰੁਖ ਕਰਨਾ ਪੈਂਦਾ ਹੈ, ਜਿਸ ਨਾਲ ਗ਼ਰੀਬ ਤੇ ਮੱਧਵਰਗ ਪਰਿਵਾਰਾਂ 'ਤੇ ਵੱਡਾ ਆਰਥਿਕ ਬੋਝ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਰੀਬ 6 ਸਾਲਾਂ ਤੋਂ ਬੀਹਲਾ ਸਬ ਸੈਂਟਰ ਵਿਚ ਕਈ ਅਹਿਮ ਅਸਾਮੀਆਂ ਖ਼ਾਲੀ ਪਈਆਂ ਹਨ ਅਤੇ ਛੋਟੀ ਬਿਮਾਰੀ ਤੋਂ ਲੈ ਕੇ ਗੰਭੀਰ ਇਲਾਜ ਤੱਕ ਲਈ ਲੋਕਾਂ ਨੂੰ ਦੂਰ ਦੁਰਾਡੇ ਜਾਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਅਧੀਨ ਚੱਲਦਾ ਇਹ ਸੈਂਟਰ ਅੱਜ ਖਸਤਾ ਹਾਲ ਬਿਲਡਿੰਗ, ਟੈਸਟ ਲੈਬ ਦੀ ਗ਼ੈਰਹਾਜ਼ਰੀ ਅਤੇ ਪੀਣ ਵਾਲੇ ਪਾਣੀ ਦੇ ਢੁਕਵੇਂ ਪ੍ਰਬੰਧ ਤੋਂ ਵੀ ਵਾਂਝਾ ਹੈ | ਲਗਭਗ ਪੰਜ ਹਜ਼ਾਰ ਦੀ ਆਬਾਦੀ ਵਾਲੇ ਪਿੰਡ ਲਈ ਇਹ ਹਾਲਤ ਬਹੁਤ ਗੰਭੀਰ ਹੈ, ਇਸ ਲਈ ਸਬ ਸੈਂਟਰ ਨੂੰ ਅਪਗ੍ਰੇਡ ਕਰ ਕੇ ਮੁਹੱਲਾ ਕਲੀਨਿਕ ਬਣਾਇਆ ਜਾਵੇ, ਲੈਬ ਟੈਸਟਾਂ ਦੀ ਸਹੂਲਤ ਦਿੱਤੀ ਜਾਵੇ ਅਤੇ ਡਾਕਟਰਾਂ ਸਮੇਤ ਪੂਰਾ ਸਟਾਫ਼ ਤਾਇਨਾਤ ਕੀਤਾ ਜਾਵੇ | ਵੱਡੀ ਗਿਣਤੀ ਪਿੰਡ ਵਾਸੀਆਂ ਨੇ ਕਿਹਾ ਕਿ ਇਲਾਜ ਲਈ ਉਨ੍ਹਾਂ ਨੂੰ ਬਰਨਾਲਾ ਅਤੇ ਫ਼ਰੀਦਕੋਟ ਦੇ ਹਸਪਤਾਲਾਂ ਵਿਚ ਜਾਣਾ ਪੈਂਦਾ ਹੈ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸਰਪੰਚ ਸਰਬਜੀਤ ਕੌਰ ਬੀਹਲਾ ਅਤੇ ਸਾਬਕਾ ਸਰਪੰਚ ਕਿਰਨਜੀਤ ਸਿੰਘ ਮਿੰਟੂ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਵਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ-ਪੱਤਰ ਵੀ ਦਿੱਤਾ ਜਾ ਚੁੱਕਾ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਮੰਤਰੀ ਡਾ: ਬਲਵੀਰ ਸਿੰਘ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਕੋਲੋਂ ਜਲਦ ਇਸ ਮਸਲੇ ਵੱਲ ਧਿਆਨ ਦੇ ਕੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਨ ਦੀ ਅਪੀਲ ਵੀ ਕੀਤੀ, ਤਾਂ ਜੋ ਬੀਹਲਾ ਨਾਲ ਲੱਗਦੇ ਪਿੰਡਾਂ ਨੂੰ ਵੀ ਸਿਹਤ ਸਹੂਲਤਾਂ ਸਮੇਂ ਸਿਰ ਮਿਲ ਸਕਣ | ਉੱਧਰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਤੇਜਿੰਦਰ ਕੌਰ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਪਿੰਡ ਬੀਹਲਾ ਵਿਚ ਆਮ ਆਦਮੀ ਕਲੀਨਿਕ ਬਣਾਉਣ ਸਬੰਧੀ ਮੰਗ-ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਜਾ ਚੁੱਕਾ ਹੈ | ਇਸ ਮੌਕੇ ਭੋਲਾ ਸਿੰਘ ਬੀਹਲਾ, ਗਿਆਨੀ ਸੁਰਜੀਤ ਸਿੰਘ ਮਹਿਲ ਕਲਾਂ, ਅਮਰੀਕ ਸਿੰਘ, ਸਤਨਾਮ ਸਿੰਘ, ਊਧਮ ਸਿੰਘ, ਤੋਤਾ ਸਿੰਘ, ਲਖਬੀਰ ਸਿੰਘ, ਮਨਜੀਤ ਸਿੰਘ, ਜੋਗਿੰਦਰ ਸਿੰਘ, ਧਨਵਿੰਦਰ ਸਿੰਘ, ਜਗਸੀਰ ਸਿੰਘ, ਅਰਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |