ਤਪਾ ਮੰਡੀ, 17 ਫਰਵਰੀ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੜੈਲੀ ਚੌਂਕ ਨਜ਼ਦੀਕ ਕਾਰ ਅਤੇ ਟਰੱਕ ਦੀ ਟੱਕਰ ਦਰਮਿਆਨ ਕਾਰ 'ਚ ਸਵਾਰ ਪਰਿਵਾਰ ਦੇ ਚਾਰ ਜਣਿਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਸ਼ਰਮਾ ਆਪਣੇ ਭਰਾ ਰਾਜੀਵ ਕੁਮਾਰ ਸ਼ਰਮਾ ਪਤਨੀ ਮੀਨੂ ਕੁਮਾਰੀ ਅਤੇ ਪੁੱਤਰ ਵਿਵੇਕ ਸ਼ਰਮਾ ਨਾਲ ਨਾਭਾ ਤੋਂ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਬਠਿੰਡਾ ਵੱਲ ਵਾਪਸ ਪਰਤ ਰਹੇ ਸੀ | ਜਦੋਂ ਉਹ ਤਪਾ ਘੜੈਲੀ ਓਵਰਬਿ੍ਜ ਹੇਠਾਂ ਉਤਰ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਅੱਗੇ ਜਾ ਰਹੇ ਨਾ-ਮਾਲੂਮ ਟਰੱਕ ਨਾਲ ਟਕਰਾ ਗਈ | ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਸਵਾਰ ਚਾਰੇ ਜਣੇ ਗੰਭੀਰ ਜ਼ਖ਼ਮੀ ਹੋ ਗਏ | ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ਪ੍ਰਭਾਵਿਤ ਆਵਾਜਾਈ ਨੂੰ ਬਹਾਲ ਕਰਵਾਇਆ ਅਤੇ ਪੁਲਿਸ ਚੌਂਕੀ ਤਪਾ ਦੇ ਸਹਾਇਕ ਥਾਣੇਦਾਰ ਗੁਰਪਿਆਰ ਸਿੰਘ ਵੀ ਤੁਰੰਤ ਮੌਕੇ 'ਤੇ ਪਹੁੰਚ ਗਏ | ਮਿੰਨੀ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਤੁਰੰਤ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਦੇ ਸਹੀ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ | ਇਸ ਹਾਦਸੇ 'ਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ |