ਟੱਲੇਵਾਲ, 16 ਫਰਵਰੀ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਚ ਪੰਜਾਬ ਪੁਲਿਸ ਵਲੋਂ 'ਸਟੂਡੈਂਟ ਪੁਲਿਸ ਕੈਡਟ (ਐਸ.ਪੀ.ਸੀ )' ਪ੍ਰੋਗਰਾਮ ਅਧੀਨ ਨਸ਼ਾ ਰੋਕਥਾਮ ਅਤੇ ਟਰੈਫ਼ਿਕ ਜਾਗਰੂਕਤਾ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਚੌਂਕੀ ਇੰਚਾਰਜ ਪੱਖੋ ਕੈਂਚੀਆਂ ਏ.ਐਸ.ਆਈ. ਬਲਜਿੰਦਰ ਸਿੰਘ, ਏ.ਐਸ.ਆਈ. ਬਲਜਿੰਦਰ ਸਿੰਘ, ਏ.ਐਸ.ਆਈ. ਕਰਮਜੀਤ ਸਿੰਘ, ਹੈੱਡ ਕਾਂਸਟੇਬਲ ਨਵਦੀਪ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਨਸ਼ਾ ਕੇਵਲ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ | ਉਨ੍ਹਾਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਅਤੇ ਸੜਕ 'ਤੇ ਜ਼ਿੰਮੇਵਾਰ ਨਾਗਰਿਕ ਵਜੋਂ ਵਿਵਹਾਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵੋਕੇਸ਼ਨਲ ਟਰੇਨਰ ਹਰਪ੍ਰੀਤ ਸਿੰਘ, ਐਸ.ਪੀ.ਸੀ. ਨੋਡਲ ਅਧਿਆਪਕ ਡਾ: ਜਤਿੰਦਰ ਜੋਸ਼ੀ, ਇੰਚਾਰਜ ਰਮਨਦੀਪ ਕੌਰ, ਰਾਜੇਸ਼ ਕੁਮਾਰ, ਪਰਮਜੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ |