ਮਹਿਲ ਕਲਾਂ, 27 ਫਰਵਰੀ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪ੍ਰਮੁੱਖ ਦਲਿਤ ਆਗੂ ਰਿੰਕਾ ਕੁਤਬਾ ਬਾਹਮਣੀਆਂ ਵਲੋਂ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਰਿੰਕਾ ਕੁਤਬਾ ਬਾਹਮਣੀਆਂ ਨੇ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵਲੋਂ ਸਾਰੇ ਦੋਸ਼ਾਂ ਤੋਂ ਮੁਕਤ ਕਰਦਿਆਂ ਬਰੀ ਕੀਤੇ ਜਾਣ ਦੇ ਇਤਿਹਾਸਕ ਫ਼ੈਸਲੇ 'ਤੇ ਵਧਾਈ ਦਿੱਤੀ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ | ਅਦਾਲਤੀ ਫ਼ੈਸਲੇ ਦਾ ਹਵਾਲਾ ਦਿੰਦਿਆਂ ਰਿੰਕਾ ਕੁਤਬਾ ਬਾਹਮਣੀਆਂ ਨੇ ਕਿਹਾ ਕਿ ਅੱਜ ਦੇ ਦਿਨ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੱਕ ਅਤੇ ਸੱਚ ਦੀ ਆਵਾਜ਼ ਨੂੰ ਤਰ੍ਹਾਂ-ਤਰ੍ਹਾਂ ਦੀਆਂ ਸਾਜਸ਼ਾਂ ਰਚ ਕੇ ਵੀ ਦਬਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵਲੋਂ ਲਗਾਤਾਰ ਪਾਰਟੀ ਲੀਡਰਸ਼ਿਪ ਨੂੰ ਬਦਨਾਮ ਕਰਨ ਅਤੇ ਰਾਜਨੀਤਿਕ ਤੌਰ 'ਤੇ ਕਮਜ਼ੋਰ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਸਨ, ਪਰ ਅੱਜ ਮਾਣਯੋਗ ਅਦਾਲਤ ਨੇ ਆਪਣੇ ਫ਼ੈਸਲੇ ਰਾਹੀਂ 'ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ' ਕਰ ਦਿੱਤਾ ਹੈ | ਰਿੰਕਾ ਕੁਤਬਾ ਬਾਹਮਣੀਆਂ ਨੇ ਅੱਗੇ ਕਿਹਾ ਕਿ ਇਹ ਜਿੱਤ ਕੇਵਲ ਆਮ ਆਦਮੀ ਪਾਰਟੀ ਦੀ ਹੀ ਨਹੀਂ, ਸਗੋਂ ਦੇਸ਼ ਦੇ ਉਸ ਹਰ ਗ਼ਰੀਬ ਅਤੇ ਆਮ ਇਨਸਾਨ ਦੀ ਜਿੱਤ ਹੈ ਜੋ ਇਨਸਾਫ਼ ਵਿਚ ਵਿਸ਼ਵਾਸ ਰੱਖਦਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੱਚਾਈ ਦੇ ਮਾਰਗ 'ਤੇ ਚੱਲਦਿਆਂ ਕਈ ਵਾਰ ਮੁਸ਼ਕਲਾਂ ਜ਼ਰੂਰ ਆਉਂਦੀਆਂ ਹਨ ਅਤੇ ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਅੰਤ ਵਿਚ ਜਿੱਤ ਹਮੇਸ਼ਾ ਸੱਚ ਦੀ ਹੀ ਹੁੰਦੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਇਸ ਜਿੱਤ ਨੇ ਪੂਰੇ ਦੇਸ਼ ਦੇ ਵਰਕਰਾਂ ਵਿਚ ਇਕ ਨਵੀਂ ਰੂਹ ਫ਼ੂਕ ਦਿੱਤੀ ਹੈ ਅਤੇ ਹੁਣ ਹਲਕਾ ਮਹਿਲ ਕਲਾਂ ਸਮੇਤ ਪੂਰੇ ਪੰਜਾਬ ਵਿਚ ਪਾਰਟੀ ਪਹਿਲਾਂ ਨਾਲੋਂ ਵੀ ਵੱਧ ਮਜ਼ਬੂਤੀ ਅਤੇ ਚੜ੍ਹਦੀ ਕਲਾ ਵਿਚ ਹੋ ਕੇ ਲੋਕਾਂ ਦੇ ਮਸਲਿਆਂ ਲਈ ਡਟੇਗੀ | ਰਿੰਕਾ ਕੁਤਬਾ ਬਾਹਮਣੀਆਂ ਨੇ ਅਦਾਲਤ ਦੇ ਇਸ ਫ਼ੈਸਲੇ ਨੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ |