ਬਰਨਾਲਾ, 28 ਫਰਵਰੀ (ਨਰਿੰਦਰ ਅਰੋੜਾ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿਵਾਇਆ | ਉਨ੍ਹਾਂ ਵਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ ਗਿਆ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈ ਕੋਰਟ ਵਿਚ ਅਪੀਲ ਕਰਨ ਦੇ ਤਰੀਕੇ ਬਾਰੇ ਵੀ ਜਾਗਰੂਕ ਕੀਤਾ | ਉਨ੍ਹਾਂ ਵਲੋਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖ਼ਰਚੇ 'ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸ ਦਾ ਫਾਰਮ ਭਰ ਕੇ ਦੋ ਦਿਨ ਦੇ ਵਿਚ-ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ | ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਸ੍ਰੀ ਮਦਨ ਲਾਲ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਸ੍ਰੀ ਗੁਰਮੇਲ ਸਿੰਘ ਗਿੱਲ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਮਿਸ ਲਵਲੀਨ ਕੌਰ ਹਾਜ਼ਰ ਸਨ |
ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ <br/>
ਅਜੀਤ ਡੈਸਕ
01-03-2026