ਬਰਨਾਲਾ, 30 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਆਇਆ ਹੈ ਕਿ ਖਾੜੀ ਖਿੱਤੇ ਵਿਚ ਜੰਗੀ ਤਣਾਅ ਦੇ ਮੱਦੇਨਜ਼ਰ ਅਫਵਾਹਾਂ ਫੈਲ ਰਹੀਆਂ ਹਨ, ਜਿਨ੍ਹਾਂ ਕਾਰਨ ਪੈਟਰੋਲ, ਡੀਜ਼ਲ ਅਤੇ ਐੱਲ.ਪੀ.ਜੀ. ਦੀ ਕਮੀ ਬਾਰੇ ਗਲਤ ਜਾਣਕਾਰੀ ਲੋਕਾਂ ਵਿਚ ਫੈਲ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੈਟਰੋਲ, ਡੀਜ਼ਲ ਅਤੇ ਐੱਲ.ਪੀ.ਜੀ. ਦੀ ਸਪਲਾਈ ਨਿਰਵਿਘਨ ਹੈ | ਸਾਰੇ ਪੈਟਰੋਲ ਪੰਪਾਂ 'ਤੇ ਢੁਕਵੀਂ ਮਾਤਰਾ ਵਿਚ ਇੰਧਨ ਉਪਲਬਧ ਹੈ ਅਤੇ ਕਿਸੇ ਵੀ ਕਿਸਮ ਦੀ ਕਮੀ ਨਹੀਂ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਬੇਲੋੜੀ ਮਾਤਰਾ ਵਿਚ ਸਟਾਕ ਇਕੱਠਾ ਕਰਨ | ਇਸ ਤਰ੍ਹਾਂ ਦੀ ਘਬਰਾਹਟ ਕਾਰਨ ਬਿਨਾਂ ਲੋੜ ਦੇ ਭੀੜ ਅਤੇ ਅਸੁਵਿਧਾ ਪੈਦਾ ਹੁੰਦੀ ਹੈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਿਤੀ 'ਤੇ ਲਗਾਤਾਰ ਨਜ਼ਰਸਾਨੀ ਕੀਤੀ ਰਹੀ ਹੈ, ਇਸ ਲਈ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਮ੍ਹਾਂਖੋਰੀ ਜਾਂ ਕਾਲਾਬਜ਼ਾਰੀ ਨਾ ਕੀਤੀ ਜਾਵੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ | ਜ਼ਿਲ੍ਹਾ ਫੂਲ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਖਪਤਕਾਰਾਂ ਨੇ ਅਜੇ ਤਕ ਆਪਣੀ ਈ.ਕੇ.ਵਾਈ.ਸੀ. ਨਹੀਂ ਕਰਵਾਈ, ਉਹ ਤੁਰੰਤ ਈ.ਕੇ.ਵਾਈ.ਸੀ. ਕਰਵਾਉਣ ਤਾਂ ਜੋ ਉਨ੍ਹਾਂ ਨੂੰ ਐੱਲਪੀਜੀ ਬੁਕਿੰਗ ਵਿਚ ਕੋਈ ਦਿੱਕਤ ਪੇਸ਼ ਨਾ ਆਵੇ |