ਤਪਾ ਮੰਡੀ, 29 ਅਪ੍ਰੈਲ (ਵਿਜੇ ਸ਼ਰਮਾ)-ਟਰੇਡ ਯੂਨੀਅਨ ਸੈਂਟਰ ਆਫ਼ ਇੰਡੀਆ (ਟੂਸੀ) ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਵਲੋਂ ਸਾਂਝੇ ਤੌਰ 'ਤੇ ਇੱਕ ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਤਪਾ ਮੰਡੀ ਵਿਖੇ ਮਜ਼ਦੂਰਾਂ ਦਾ ਵੱਡਾ ਇਕੱਠ ਕਰ ਕੇ ਕੇਂਦਰ ਦੀ ਫਾਸੀਵਾਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ, ਜਿਸ ਵਿਚ ਦਰਜਨਾਂ ਪਿੰਡਾਂ ਤੋਂ ਮਨਰੇਗਾ ਮਜ਼ਦੂਰ ਸ਼ਾਮਲ ਹੋਣਗੇ | ਟਰੇਡ ਯੂਨੀਅਨ ਸੈਂਟਰ ਆਫ਼ ਇੰਡੀਆ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਦੱਸਿਆ ਕਿ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਇਲਾਕੇ ਦੇ ਦਰਜਨਾਂ ਪਿੰਡਾਂ ਦਰਾਜ਼, ਦਰਾਕਾ, ਢਿੱਲਵਾਂ, ਮੌੜ, ਜਗਜੀਤਪੁਰਾ, ਪੱਖੋ ਕਲਾਂ, ਭੈਣੀ ਛੰਨਾ ਆਦਿ ਪਿੰਡਾਂ ਵਿਚ ਤਿਆਰੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ | ਮਈ ਦਿਵਸ ਨੂੰ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਦੇ ਖ਼ਿਲਾਫ਼ ਦਿਹਾੜੇ ਵਜੋਂ ਮਨਾਇਆ ਜਾਵੇਗਾ | ਆਗੂਆਂ ਨੇ ਇਹ ਵੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਜ਼ਦੂਰ ਜਮਾਤ ਦੀ ਤਿੱਖੀ ਲੁੱਟ ਖਸੁੱਟ ਕਰਨ ਲਈ ਅਤੇ ਅੰਬਾਨੀ - ਅਡਾਨੀ ਵਰਗੇ ਮਹਾਂ ਭਿ੍ਸ਼ਟ ਅਮੀਰਾਂ ਨੂੰ ਹੋਰ ਮਾਲੋਮਾਲ ਕਰਨ ਲਈ 44 ਕਿਰਤ ਕਾਨੂੰਨ ਖ਼ਤਮ ਕਰ ਕੇ ਉਨ੍ਹਾਂ ਨੂੰ ਚਾਰ ਲੇਬਰ ਕੋਡ ਵਿਚ ਬਦਲ ਦਿੱਤਾ ਗਿਆ ਹੈ ਅਤੇ ਜਿਨ੍ਹਾਂ ਨੂੰ ਇੱਕ ਅਪ੍ਰੈਲ 2026 ਤੋਂ ਸਾਰੇ ਦੇਸ਼ ਵਿਚ ਲਾਗੂ ਕਰ ਦਿੱਤਾ ਗਿਆ ਹੈ | ਉੱਤਰੀ ਭਾਰਤ ਦੇ ਅਨੇਕਾਂ ਸੂਬਿਆਂ ਦੇ ਹਜ਼ਾਰਾਂ ਸਨਅਤੀ ਮਜ਼ਦੂਰ ਹੜਤਾਲ ਕਰ ਕੇ ਸੜਕਾਂ 'ਤੇ ਆ ਗਏ ਹਨ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ | ਆਗੂਆਂ ਨੇ ਕਿਹਾ ਕਿ 140 ਸਾਲ ਪਹਿਲਾਂ ਦੁਨੀਆ ਦੇ ਮਜ਼ਦੂਰਾਂ ਨੇ ਕੁਰਬਾਨੀਆਂ ਦੇ ਕੇ ਅੱਠ ਘੰਟੇ ਦੀ ਦਿਹਾੜੀ ਦਾ ਕਾਨੂੰਨ ਬਣਾਇਆ ਸੀ, ਜਿਸ ਨੂੰ ਮੋਦੀ ਸਰਕਾਰ ਨੇ ਖ਼ਤਮ ਕਰ ਕੇ 12 ਘੰਟੇ ਕੰਮ ਕਰਨ ਲਈ ਮਜਬੂਰ ਕਰ ਦਿੱਤਾ ਹੈ | ਆਗੂਆਂ ਨੇ ਕਿਹਾ ਕਿ 'ਚਾਰ ਲੇਬਰ ਕੋਡ' ਲਾਗੂ ਕਰਨ ਅਤੇ ਮਨਰੇਗਾ ਦਾ ਕਾਨੂੰਨ ਖ਼ਤਮ ਕਰਨ ਦੇ ਖ਼ਿਲਾਫ਼ ਮਜ਼ਦੂਰਾਂ ਨੂੰ ਦੇਸ਼ ਪੱਧਰ 'ਤੇ ਅੰਦੋਲਨ ਤਿੱਖਾ ਕਰਨ ਦੀ ਲੋੜ ਹੈ ਅਤੇ ਹੜਤਾਲੀ ਮਜ਼ਦੂਰਾਂ ਦੇ ਨਾਲ ਇੱਕਜੁੱਟਤਾ ਕਾਇਮ ਕਰਨੀ ਚਾਹੀਦੀ ਹੈ |