ਬਰਨਾਲਾ, 11 ਮਈ (ਨਰਿੰਦਰ ਅਰੋੜਾ)-ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ 'ਚ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਅੱਜ ਛੇਵੇਂ ਦਿਨ ਵੀ ਜਾਰੀ ਰਹੀ | ਬਰਨਾਲਾ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਪੱਕਾ ਧਰਨਾ ਲਗਾ ਕੇ ਹੜਤਾਲ ਕੀਤੀ ਜਾ ਰਹੀ ਹੈ | ਅੱਜ ਯੂਨੀਅਨ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ, ਵਿਕਰਮ ਵਿੱਕੀ, ਗੁਰਮੀਤ ਸਿੰਘ, ਬਿੰਦੂ ਪ੍ਰਧਾਨ, ਚਰਨ ਸਿੰਘ, ਮੰਗਤ ਰਾਮ ਆਦਿ ਆਗੂਆਂ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ ਪਰ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਦੱਸਿਆ ਕਿ ਸਾਡੀਆਂ ਮੁੱਖ ਮੰਗਾਂ ਹਨ ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਸਿਧਾਂਤ ਲਾਗੂ ਕੀਤਾ ਜਾਵੇ, ਕੰਟਰੈਕਟ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਬਕਾਇਆ ਮਹਿੰਗਾਈ ਭੱਤਾ (ਡੀ.ਏ) ਜਾਰੀ ਕੀਤਾ ਜਾਵੇ | ਯੂਨੀਅਨ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਸਾਡੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਅਸੀਂ ਆਉਣ ਵਾਲੇ ਸਮੇਂ 'ਚ ਚੱਕਾ ਜਾਮ ਕਰ ਕੇ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ | ਇਸ ਮੌਕੇ ਸਿੰਘਮ, ਜਗਜੀਤ ਸਿੰਘ, ਅਰਵਿੰਦ, ਅਮਨਦੀਪ ਸਿੰਘ ਵੱਡੀ ਗਿਣਤੀ 'ਚ ਸਫ਼ਾਈ ਸੇਵਕ ਹਾਜ਼ਰ ਸਨ |