ਮਲੇਰਕੋਟਲਾ, 18 ਮਈ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ, ਮੁਹੰਮਦ ਹਨੀਫ਼ ਥਿੰਦ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ | ਇਸ ਕਾਰਜ ਲਈ ਜ਼ਿਲ੍ਹੇ ਵਿੱਚ 400 ਬੀ.ਐਲ.ਓਜ਼, 40 ਸੁਪਰਵਾਈਜ਼ਰ, 02 ਈ.ਆਰ.ਓ.ਜ਼ ਅਤੇ 02 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ | ਹਰੇਕ ਬੀ.ਐਲ.ਓ ਨੂੰ ਕਰੀਬ 300 ਘਰਾਂ ਅਤੇ ਕਰੀਬ 1200 ਵੋਟਰਾਂ ਦੀ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ | ਉਨ੍ਹਾਂ ਨੂੰ ਐਸ.ਆਈ.ਆਰ. ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ | ਉਨ੍ਹਾਂ ਹੋਰ ਦੱਸਿਆ ਕਿ 24 ਜੁਲਾਈ 2026 ਤੱਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਮਲੇਰਕੋਟਲਾ ਜ਼ਿਲ੍ਹੇ ਦੇ 03 ਲੱਖ 24 ਹਜ਼ਾਰ 201 ਵੋਟਰਾਂ ਵਿੱਚੋਂ 02 ਲੱਖ 88 ਹਜ਼ਾਰ 658 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 89.04 ਫ਼ੀਸਦੀ ਬਣਦੀ ਹੈ | ਦਿਹਾਤੀ ਖੇਤਰਾਂ ਵਿੱਚ 91.76 ਫ਼ੀਸਦੀ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 84.83 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦਾ ਖਰੜਾ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦਕਿ ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਣਗੇ | ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਪ੍ਰਕਿਰਿਆ ਦੌਰਾਨ ਚੋਣ ਅਮਲੇ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ |