ਭਦੌੜ, 18 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਸਖ਼ਤ ਹਦਾਇਤਾਂ ਅਨੁਸਾਰ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਸਖ਼ਤ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸ: ਹਰਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਹਾਇਕ ਥਾਣੇਦਾਰ ਸੰਤੋਖ ਸਿੰਘ ਸਮੇਤ ਪੁਲਿਸ ਪਾਰਟੀ ਮੀਰੀ ਪੀਰੀ ਖ਼ਾਲਸਾ ਕਾਲਜ ਕੋਲ ਸ਼ੱਕੀ ਪੁਰਸ਼ਾਂ ਦੀ ਜਾਂਚ ਕਰ ਰਹੇ ਸਨ | ਇਨ੍ਹਾਂ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਗੁਰਬਿੰਦਰ ਸਿੰਘ ਉਰਫ਼ ਕਮਾਂਡੋ ਪੁੱਤਰ ਪਰਮਜੀਤ ਸਿੰਘ ਵਾਸੀ ਭਦੌੜ ਸ਼ਰਾਬ ਵੇਚਣ ਦਾ ਧੰਦਾ ਕਰਦਾ ਜੇਕਰ ਇਸ ਸਮੇਂ ਇਸ 'ਤੇ ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ ਸ਼ਰਾਬ ਸਮੇਤ ਕਾਬੂ ਕੀਤਾ ਜਾ ਸਕਦਾ ਹੈ | ਪੁਲਿਸ ਨੇ ਮੁਖ਼ਬਰ ਦੀ ਇਤਲਾਹ ਤੇ ਮੁਕੱਦਮਾ ਨੰ: 40 ਐਕਸਾਈਜ਼ ਐਕਟ ਤਹਿਤ ਮਾਮਲਾ ਥਾਣਾ ਭਦੌੜ ਵਿਖੇ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਕਾਬੂ ਕਰ ਕੇ 264 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀਆਂ ਹਨ |