ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਆਂਗਣਵਾੜੀ ਕੇਂਦਰਾਂ ਦੇ ਨਵੀਨੀਕਰਨ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਹੋਰ ਅਫ਼ਸਰਾਂ ਦੀ ਖ਼ਰੀਦ ਕਮੇਟੀ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਸਥਿਤ ਆਂਗਣਵਾੜੀ ਕੇਂਦਰਾਂ ਦੇ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਸਮਾਨ ਦੀ ਖ਼ਰੀਦ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਜਿੱਥੇ ਕਈ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਨਵੀਆਂ ਉਸਾਰੀਆਂ ਗਈਆਂ ਹਨ ਉੱਥੇ ਕਈਆਂ ਦੀ ਮੁਰੰਮਤ ਕਰ ਕੇ ਨਵੀਨੀਕਰਨ ਕੀਤਾ ਗਿਆ ਹੈ ਅਤੇ ਆਂਗਣਵਾੜੀ ਸੈਂਟਰਾਂ ਵਿਚ ਸਾਫ਼ ਪਾਣੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਸੀ.ਡੀ.ਪੀ.ਓਜ਼. ਨੂੰ ਪੂਰੀ ਪ੍ਰਕਿਰਿਆ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਲਈ ਕਿਹਾ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ, ਸੀ.ਡੀ.ਪੀ.ਓ. ਅਰਵਿੰਦਰ ਸਿੰਘ ਭੱਟੀ, ਸੀ.ਡੀ.ਪੀ.ਓ. ਹਰਮੀਤ ਕੌਰ, ਸੀ.ਡੀ.ਪੀ.ਓ. ਹਰਬੰਸ ਸਿੰਘ, ਏ.ਡੀ.ਸੀ. (ਡੀ.) ਦਫ਼ਤਰ ਤੋਂ ਸੰਜੀਵ ਤਾਇਲ ਮੌਜੂਦ ਸਨ |