ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਬਰਨਾਲਾ ਵਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਅਤੇ ਸਰਕਾਰੀ ਸਕੀਮਾਂ ਦਾ ਲਾਭ ਇੱਕੋ ਥਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਭਲਕੇ 20 ਮਈ ਨੂੰ ਮੁਫ਼ਤ ਸਿਹਤ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ ਪਿੰਡ ਢਿੱਲਵਾਂ ਦੇ ਮੁੱਖ ਗੁਰਦੁਆਰਾ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵਲੋਂ ਅੱਖਾਂ ਦੀ ਸਕ੍ਰੀਨਿੰਗ, ਜਨਰਲ ਹੈਲਥ ਚੈੱਕਅਪ ਅਤੇ ਹੋਰ ਮੁਢਲੀਆਂ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਤੋਂ ਇਲਾਵਾ ਲੋਕਾਂ ਨੂੰ ਸਰਕਾਰੀ ਸਕੀਮਾਂ ਅਤੇ ਲੋਕ ਭਲਾਈ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੌਕੇ 'ਤੇ ਅਪਲਾਈ ਕਰਨ ਦੀ ਸਹੂਲਤ ਵੀ ਉਪਲਬਧ ਹੋਵੇਗੀ | ਉਨ੍ਹਾਂ ਦੱਸਿਆ ਕਿ ਕੈਂਪ 'ਚ ਪ੍ਰਧਾਨ ਮੰਤਰੀ ਆਵਾਸ ਯੋਜਨਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਲੇਬਰ ਕਾਰਡ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਸਮੇਤ ਸੇਵਾ ਕੇਂਦਰਾਂ ਦੀਆਂ ਸਾਰੀਆਂ ਸੇਵਾਵਾਂ ਲਈ ਅਪਲਾਈ ਕਰਨ ਸਬੰਧੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ |