ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਲਈ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਰਾਜਵਿੰਦਰ ਕੌਰ ਬਾਜਵਾ (ਜੁਆਇੰਟ ਡਾਇਰੈਕਟਰ, ਇਨਵੈਸਟੀਗੇਸ਼ਨ ਬਠਿੰਡਾ) ਨੂੰ ਖਰਚਾ ਨਿਗਰਾਨ ਨਿਯੁਕਤ ਕੀਤਾ ਗਿਆ ਹੈ | ਖਰਚਾ ਨਿਗਰਾਨ ਰਾਜਵਿੰਦਰ ਕੌਰ ਬਾਜਵਾ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਹਰਜਿੰਦਰ ਸਿੰਘ ਬੇਦੀ ਨਾਲ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ/ਕੌਂਸਲ ਚੋਣਾਂ ਲਈ ਉਮੀਦਵਾਰਾਂ ਦੇ ਨਿਰਧਾਰਿਤ ਖ਼ਰਚੇ ਦੀ ਪੂਰੀ ਨਿਗਰਾਨੀ ਕੀਤੀ ਜਾਵੇ | ਇਸ ਮੌਕੇ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਵੀ ਚਰਚਾ ਕੀਤੀ ਗਈ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਹਨਾਂ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ |