11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮੰਗਾਂ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਦੀ ਕਲਮਛੋੜ ਹੜਤਾਲ ਜਾਰੀ

ਅਜੀਤ ਡੈਸਕ 05-06-2026
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ 'ਚ ਪਿਛਲੇ ਕਰੀਬ 18 ਸਾਲਾਂ ਤੋਂ ਠੇਕਾ ਆਧਾਰਿਤ ਸੇਵਾਵਾਂ ਨਿਭਾ ਰਹੇ ਮਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਮੰਨਵਾਉਣ ਲਈ ਸ਼ੁਰੂ ਕੀਤੀ ਗਈ ਕਲਮਛੋੜ ਹੜਤਾਲ ਅੱਜ ਵੀ ਲਗਾਤਾਰ ਜਾਰੀ ਰਹੀ | ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਬੀ.ਡੀ.ਪੀ.ਓ ਦਫ਼ਤਰ ਮਹਿਲ ਕਲਾਂ ਵਿਖੇ ਕਰਮਚਾਰੀਆਂ ਨੇ ਸਾਰੇ ਦਫ਼ਤਰੀ ਕੰਮਕਾਜ ਨੂੰ ਪੂਰੀ ਤਰ੍ਹਾਂ ਠੱਪ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ | ਧਰਨੇ ਦੌਰਾਨ ਬਲਾਕ ਪ੍ਰਧਾਨ ਬੂਟਾ ਸਿੰਘ, ਏ.ਪੀ.ਓ ਰਮਨਦੀਪ ਕੌਰ, ਜੇ.ਈ ਇੰਦਰਜੀਤ ਸਿੰਘ, ਗ੍ਰਾਮ ਸੇਵਕ ਕੁਲਦੀਪ ਸਿੰਘ, ਮਹਿੰਦਰ ਸਿੰਘ ਰਾਏਸਰ, ਰਣਜੀਤ ਸਿੰਘ ਚੁਹਾਣਕੇ, ਗਗਨਦੀਪ ਸਿੰਘ, ਕੁਲਵੀਰ ਕੌਰ, ਹਰਪ੍ਰੀਤ ਕੌਰ ਗਹਿਲ, ਜਸਵੀਰ ਕੌਰ, ਮਹਿੰਦਰ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ 'ਚ ਅਹਿਮ ਭੂਮਿਕਾ ਨਿਭਾ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਹੱਕੀ ਜਾਇਜ਼ ਮੰਗਾਂ ਨੂੰ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਹੈ | ਆਗੂਆਂ ਨੇ ਦੱਸਿਆ ਕਿ ਮਨਰੇਗਾ ਮੁਲਾਜ਼ਮਾਂ ਨੂੰ ਪਿਛਲੇ ਛੇ-ਸੱਤ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ | ਘਰਾਂ ਦੇ ਖ਼ਰਚੇ ਚਲਾਉਣ, ਲੋੜਾਂ ਪੂਰੀਆਂ ਕਰਨ 'ਚ ਭਾਰੀ ਮੁਸ਼ਕਲਾਂ ਆ ਰਹੀਆਂ ਹਨ, ਪਰ ਸਰਕਾਰ ਵਲੋਂ ਇਸ ਮਸਲੇ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਠੇਕਾ ਪ੍ਰਣਾਲੀ ਖ਼ਤਮ ਕਰ ਕੇ ਉਨ੍ਹਾਂ ਨੂੰ ਪੰਚਾਇਤੀ ਵਿਭਾਗ 'ਚ ਰੈਗੂਲਰ ਅਸਾਮੀਆਂ 'ਤੇ ਮਰਜ਼ ਕੀਤਾ ਜਾਵੇਗਾ | ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ ਨੀਤੀ ਤੋਂ ਵੀ ਮਨਰੇਗਾ ਮੁਲਾਜ਼ਮਾਂ ਨੂੰ ਕੋਈ ਲਾਭ ਨਹੀਂ ਮਿਲਿਆ | ਆਗੂਆਂ ਨੇ ਦੱਸਿਆ ਕਿ ਵਿਭਾਗ ਵਲੋਂ ਮਨਰੇਗਾ ਕਰਮਚਾਰੀਆਂ ਦਾ ਡਾਟਾ ਪੋਰਟਲ ਰਾਹੀਂ ਇਕੱਠਾ ਕਰ ਕੇ ਪਰਸੋਨਲ ਅਤੇ ਵਿੱਤ ਵਿਭਾਗ ਤੋਂ ਪ੍ਰਵਾਨਗੀਆਂ ਵੀ ਪ੍ਰਾਪਤ ਕੀਤੀਆਂ ਜਾ ਚੁੱਕੀਆਂ ਹਨ, ਪਰ ਇਸ ਦੇ ਬਾਵਜੂਦ ਮਰਜ਼ ਕਰਨ ਸੰਬੰਧੀ ਆਰਡਰ ਜਾਰੀ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ 1 ਜੂਨ ਨੂੰ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨਾਲ ਹੋਈ ਪੈਨਲ ਮੀਟਿੰਗ ਦੌਰਾਨ ਮੰਤਰੀ ਨੇ ਇਕ ਹਫ਼ਤੇ ਦੇ ਅੰਦਰ ਦੁਬਾਰਾ ਮੀਟਿੰਗ ਕਰ ਕੇ ਮਰਜ਼ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ |
ਪਿਛਲੀ ਖ਼ਬਰ ਨਰਸਿੰਗ ਦੀ ਵਿਦਿਆਰਥਣ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਅਗਲੀ ਖ਼ਬਰ ਪਿੰਡ ਜੋਧਪੁਰ ਵਿਖੇ ਦਿਨ ਦਿਹਾੜੇ ਹੋਈ ਚੋਰੀ ਦੀ ਘਟਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।