ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਮਜੀਠਾ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੇ ਗਏ ਮਾਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ | ਬਾਬੂ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ, ਜਿਸ ਨਾਲ ਕਾਨੂੰਨੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਠੇਸ ਪਹੁੰਚ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਦਿਨੀਂ ਮਜੀਠਾ ਪੁਲਿਸ ਵਲੋਂ ਮਜੀਠੀਆ ਦੇ ਸਮਰਥਕ ਜੋਬਨਪ੍ਰੀਤ ਸਿੰਘ ਖ਼ਿਲਾਫ਼ ਝੂਠਾ ਮਾਮਲਾ ਦਰਜ ਕਰ ਕੇ ਗੈਰ-ਕਾਨੂੰਨੀ ਢੰਗ ਨਾਲ ਗਿ੍ਫ਼ਤਾਰ ਕੀਤਾ ਗਿਆ, ਜਿਸ ਕਾਰਨ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਹੋਏ ਹਨ | ਬਾਬੂ ਗਰਗ ਨੇ ਕਿਹਾ ਕਿ ਉੱਚ ਅਦਾਲਤ ਵੱਲੋਂ ਜੋਬਨਪ੍ਰੀਤ ਸਿੰਘ ਦੀ ਗਿ੍ਫ਼ਤਾਰੀ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ਅਤੇ ਦਿੱਤੇ ਗਏ ਫ਼ੈਸਲੇ ਨੇ ਪੁਲਿਸ ਦੀ ਕਾਰਵਾਈ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਤੰਤਰੀ ਪ੍ਰਣਾਲੀ ਲਈ ਠੀਕ ਨਹੀਂ ਹਨ ਅਤੇ ਇਸ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾਂਦਾ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਿਾਨ ਨੂੰ ਅਪੀਲ ਕੀਤੀ ਕਿ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਉੱਪਰ ਉੱਠ ਕੇ ਲੋਕਤੰਤਰੀ ਪਰੰਪਰਾਵਾਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦਾ ਸਤਿਕਾਰ ਕੀਤਾ ਜਾਵੇ |