ਬਰਨਾਲਾ, 4 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਸਮੂਹ ਸੇਵਾ ਕੇਂਦਰਾਂ 'ਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ 10ਵੇਂ ਦਿਨ ਵੀ ਜਾਰੀ ਰਹੀ | ਅੱਜ ਸੇਵਾ ਕੇਂਦਰ ਬਰਨਾਲਾ ਅੱਗੇ ਚੱਲ ਰਹੀ ਮੁਲਾਜ਼ਮਾਂ ਦੀ ਹੜਤਾਲ ਵਿਚ ਪਹੁੰਚ ਕੇ ਸਮਾਜ ਸੇਵੀ ਭਾਨਾ ਸਿੱਧੂ ਵਲੋਂ ਉਨ੍ਹਾਂ ਦੇ ਹੱਕ 'ਚ ਨਾਅਰਾ ਮਾਰਿਆ ਗਿਆ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਕੇ ਲਾਗੂ ਕੀਤਾ ਜਾਵੇ | ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁਲਾਜ਼ਮਾਂ ਦੇ ਸੰਘਰਸ਼ ਵਿਚ ਸ਼ਾਮਲ ਹੋ ਕੇ ਸਮਰਥਨ ਦਿੱਤਾ | ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸਿੰਘ, ਵਾਈਸ ਪ੍ਰਧਾਨ ਬੇਅੰਤ ਸਿੰਘ ਤੇ ਲਵਇੰਦਰ ਸਿੰਘ, ਪ੍ਰੈੱਸ ਸਕੱਤਰ ਸੈਂਬਰ ਸਿੰਘ, ਖ਼ਜ਼ਾਨਚੀ ਜਗਸੀਰ ਸਿੰਘ, ਸਲਾਹਕਾਰ ਲਵਪ੍ਰੀਤ ਸਿੰਘ ਨੇ ਕਿਹਾ ਕਿ ਠੇਕੇਦਾਰਾਂ/ਕੰਪਨੀਆਂ ਵਲੋਂ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਬਹੁਤ ਘੱਟ ਤਨਖ਼ਾਹਾਂ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ | ਇਸ ਲਈ ਸਾਡੀ ਸਰਕਾਰ ਤੋਂ ਮੰਗ ਹੈ ਕਿ ਸੇਵਾ ਕੇਂਦਰਾਂ 'ਚੋਂ ਠੇਕੇਦਾਰੀ/ਕੰਪਨੀ ਸਿਸਟਮ ਨੂੰ ਬੰਦ ਕੀਤਾ ਜਾਵੇ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸੇਵਾ ਕੇਂਦਰਾਂ ਵਿਚੋਂ ਕੰਪਨੀ ਸਿਸਟਮ ਬੰਦ ਨਹੀਂ ਕਰਦੀ ਉਦੋਂ ਤੱਕ ਇਹ ਹੜਤਾਲ ਅਤੇ ਧਰਨੇ ਜਾਰੀ ਰਹਿਣਗੇ | ਇਸ ਮੌਕੇ ਚਰਨਜੀਤ ਸਿੰਘ, ਜਗਦੀਪ ਸਿੰਘ, ਮਨਜੀਤ ਸਿੰਘ, ਮੈਂਬਰ ਗੁਰਵਿੰਦਰ ਕੌਰ, ਸੰਦੀਪ ਕੌਰ, ਪੂਨਮ ਰਾਣੀ ਸਮੇਤ ਵੱਖ-ਵੱਖ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਹਾਜ਼ਰ ਸਨ |