ਬਰਨਾਲਾ, 10 ਜੂਨ (ਨਰਿੰਦਰ ਅਰੋੜਾ)-ਪੀ.ਆਰ.ਟੀ.ਸੀ. ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਉਨ੍ਹਾਂ ਨੂੰ ਭਰੋਸੇ ਤੋਂ ਬਿਨਾਂ ਕੁੱਝ ਵੀ ਨਹੀਂ ਮਿਲਿਆ | ਅੱਜ ਵੀ ਪੰਜਾਬ ਭਰ ਵਿਚ ਪੀ.ਆਰ.ਟੀ.ਸੀ. ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੇ ਗਿ੍ਫ਼ਤਾਰ ਸਾਥੀਆਂ ਨੂੰ ਰਿਹਾਅ ਕਰਵਾਉਣ ਅਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਗੇਟ ਰੈਲੀਆਂ ਕੀਤੀਆਂ ਗਈਆਂ | ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਨਿਰਪਾਲ ਸਿੰਘ ਪੱਪੂ ਅਤੇ ਗੁਰਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਅਸੀਂ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਾਂ | ਸਾਡੇ 10 ਸਾਥੀ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਬੰਦ ਕਰ ਦਿੱਤੇ ਗਏ ਅਤੇ ਉਨ੍ਹਾਂ ਉੱਪਰ 307 ਦੇ ਝੂਠੇ ਪਰਚੇ ਵੀ ਦਰਜ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਅਸੀਂ ਸਾਥੀਆਂ ਨੂੰ ਰਿਹਾਅ ਕਰਵਾਉਣ ਅਤੇ ਆਪਣੀਆਂ ਮੰਗਾਂ ਮਨਵਾਉਣ ਲਈ ਅੱਜ ਪੰਜਾਬ ਭਰ ਵਿਚ ਗੇਟ ਰੈਲੀਆਂ ਕਰ ਰਹੇ ਹਾਂ | ਅੱਜ ਮਿਤੀ 11 ਜੂਨ 2026 ਨੂੰ ਪੰਜਾਬ ਭਰ ਦੇ ਪੀ.ਆਰ.ਟੀ.ਸੀ. ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਫਿਰ ਵੀ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ | ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਜੇਲ੍ਹਾਂ ਵਿਚ ਬੰਦ ਕੀਤੇ ਸਾਥੀਆਂ ਉਪਰ ਦਰਜ ਪਰਚੇ ਰੱਦ ਕਰ ਕੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ, ਕੰਟਰੈਕਟ ਵਰਕਰਾਂ ਨੂੰ ਸਰਵਿਸ ਰੂਲਾਂ ਤਹਿਤ ਪੱਕਾ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾਉਣ ਲਈ ਸਾਡਾ ਸ਼ੋਸ਼ਣ ਕਰ ਰਹੀ ਹੈ, ਜੋ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਸੁਖਪਾਲ ਸਿੰਘ ਪਾਲਾ, ਮੱਖਣ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ |