ਮਹਿਲ ਕਲਾਂ, 10 ਜੂਨ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਅਸਮਾਨੀ ਛੋਹ ਰਹੀ ਮਹਿੰਗਾਈ ਦੇ ਦੌਰ 'ਚ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਵਾਧੂ ਬੋਝ ਪਾ ਰਹੀ ਹੈ | ਇਹ ਪ੍ਰਗਟਾਵਾ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸਰਬੀ ਮਹਿਲ ਕਲਾਂ ਨੇ ਕੀਤਾ | ਪ੍ਰਧਾਨ ਸਰਬੀ ਨੇ ਕਿਹਾ ਕਿ ਇੱਕ ਸਮਾਂ ਸੀ, ਜਦੋਂ ਲੋਕਾਂ ਨੂੰ ਸਾਲਾਨਾ 12 ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰਾਂ ਦੀ ਸਹੂਲਤ ਮਿਲਦੀ ਸੀ, ਪਰ ਸਮੇਂ-ਸਮੇਂ 'ਤੇ ਇਸ ਵਿਚ ਕਟੌਤੀ ਕਰ ਕੇ ਪਹਿਲਾਂ 9 ਅਤੇ ਹੁਣ 4 ਸਿਲੰਡਰਾਂ ਤੱਕ ਸੀਮਤ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਆਮ ਪਰਿਵਾਰਾਂ ਦੇ ਮਹੀਨਾਵਾਰ ਖ਼ਰਚਿਆਂ ਵਿਚ ਵਾਧਾ ਹੋਇਆ ਹੈ ਅਤੇ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇੱਕ ਪਾਸੇ ਲੋਕ ਭਲਾਈ ਦੀਆਂ ਯੋਜਨਾਵਾਂ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਤੇ ਸਬਸਿਡੀਆਂ ਵਿਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ | ਨਤੀਜੇ ਵਜੋਂ ਮਹਿੰਗਾਈ ਨਾਲ ਪਹਿਲਾਂ ਹੀ ਜੂਝ ਰਹੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਹੋਰ ਵਧ ਰਹੀਆਂ ਹਨ | ਸਰਬੀ ਨੇ ਕਿਹਾ ਕਿ ਰਸੋਈ ਗੈਸ ਹੁਣ ਹਰ ਘਰ ਦੀ ਬੁਨਿਆਦੀ ਲੋੜ ਬਣ ਚੁੱਕੀ ਹੈ | ਗੈਸ ਦੀਆਂ ਕੀਮਤਾਂ ਵਿਚ ਵਾਧੇ ਅਤੇ ਸਬਸਿਡੀ 'ਚ ਕਮੀ ਕਾਰਨ ਘਰੇਲੂ ਮਹਿਲਾਵਾਂ ਲਈ ਰਸੋਈ ਦਾ ਖ਼ਰਚਾ ਸੰਭਾਲਣਾ ਅÏਖਾ ਹੁੰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤੂਆਂ, ਬਿਜਲੀ, ਆਵਾਜਾਈ ਅਤੇ ਹੋਰ ਜ਼ਰੂਰੀ ਖ਼ਰਚਿਆਂ ਵਿਚ ਲਗਾਤਾਰ ਵਾਧਾ ਹੋਣ ਕਾਰਨ ਆਮ ਲੋਕਾਂ ਦੀ ਆਰਥਿਕ ਹਾਲਤ ਦਿਨੋਂ-ਦਿਨ ਕਮਜ਼ੋਰ ਹੋ ਰਹੀ ਹੈ |