ਮਹਿਲ ਕਲਾਂ, 11 ਜੂਨ (ਅਵਤਾਰ ਸਿੰਘ ਅਣਖੀ)-ਮਨਰੇਗਾ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਕਲਮਛੋੜ ਹੜਤਾਲ ਨੂੰ ਡਟਵਾਂ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਮੌੜ ਨੇ ਮਹਿਲ ਕਲਾਂ ਪਹੁੰਚ ਕੇ ਹੜਤਾਲੀ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਆਗੂ ਮੌੜ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ 'ਤੇ ਖਰੀ ਨਹੀਂ ਉੱਤਰੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਦੂਜੇ ਪਾਸੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਮਨਰੇਗਾ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ | ਪਿਛਲੇ ਸੱਤ ਮਹੀਨਿਆਂ ਤੋਂ ਮਨਰੇਗਾ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਮਿਲਣ ਕਾਰਨ ਪਰਿਵਾਰ ਆਰਥਿਕ ਸੰਕਟ ਦਾ ਸ਼ਿਕਾਰ ਹੋਏ ਹਨ | ਆਗੂ ਮੌੜ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਦੀ ਅਗਵਾਈ ਹੇਠ ਸਰਕਾਰ ਆਉਣ ਤੇ ਮਨਰੇਗਾ ਕਰਮਚਾਰੀਆਂ ਦੀਆਂ ਭਖਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਲਾਗੂ ਕੀਤਾ ਜਾਵੇਗਾ | ਉਨ੍ਹਾਂ ਹੱਕ ਮੰਗਦੇ ਨੌਜਵਾਨਾਂ ਉੱਪਰ ਅੰਨੇ੍ਹਵਾਹ ਜਬਰ ਢਾਹੇ ਜਾਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਬੂਟਾ ਸਿੰਘ, ਏ. ਪੀ. ਓ. ਰਮਨਦੀਪ ਕੌਰ, ਜੇ. ਈ. ਇੰਦਰਜੀਤ ਸਿੰਘ, ਗ੍ਰਾਮ ਸੇਵਕ ਕੁਲਦੀਪ ਸਿੰਘ, ਮਹਿੰਦਰ ਸਿੰਘ ਰਾਏਸਰ, ਗਗਨਦੀਪ ਬਰਨਾਲਾ, ਕੁਲਵੀਰ ਕੌਰ, ਹਰਪ੍ਰੀਤ ਕੌਰ ਗਹਿਲ, ਜਸਵੀਰ ਕੌਰ, ਰਣਜੀਤ ਸਿੰਘ ਚੌਹਾਨਕੇ ਤੇ ਮਹਿੰਦਰ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਲਗਾਤਾਰ ਸੇਵਾਵਾਂ ਦੇਣ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਦੀਆਂ ਹੱਕੀ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਕਾਇਆ ਤਨਖ਼ਾਹਾਂ ਜਲਦ ਜਾਰੀ ਕੀਤੀਆਂ ਜਾਣ ਤੇ ਮਨਰੇਗਾ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ |