ਬਰਨਾਲਾ, 11 ਜੂਨ (ਅਸ਼ੋਕ ਭਾਰਤੀ)-ਡਰੱਗ-ਕਮ-ਸਮਾਜਿਕ ਆਰਥਿਕ ਸੈਂਸਜ ਦੇ ਨਾਂਅ ਤੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਤੋਂ ਜਬਰੀ ਗੈਰ ਵਿੱਦਿਅਕ ਡਿਊਟੀਆਂ ਤੇ ਆਪਣਾ ਰਾਜਨੀਤਕ ਮੁਫ਼ਾਦਾਂ ਨੂੰ ਪੂਰਾ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ | ਇਕ ਪਾਸੇ ਸਰਕਾਰ ਵਲੋਂ ਅਖ਼ਬਾਰਾਂ ਰਾਹੀਂ ਤੇ ਹੋਰ ਸਾਧਨਾਂ ਰਾਹੀਂ ਇਸ ਸਰਵੇ ਲਈ ਸਵੈ ਇੱਛਤ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਉਣ ਸੰਬੰਧੀ ਇਸ਼ਤਿਹਾਰ ਦਿੱਤੇ ਗਏ ਹਨ, ਦੂਜੇ ਪਾਸੇ ਅਧਿਕਾਰੀਆਂ ਵਲੋਂ ਅਧਿਆਪਕਾਂ ਦੀਆਂ ਜਬਰੀ ਡਿਊਟੀਆਂ ਲਗਾ ਕੇ ਅਧਿਆਪਕਾਂ ਨੂੰ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਸ ਦਾ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ | ਡੀ. ਸੀ. ਕੰਪਲੈਕਸ ਬਰਨਾਲਾ ਵਿਖੇ ਅਧਿਆਪਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨਰਿੰਦਰ ਕੁਮਾਰ, ਪਰਮਿੰਦਰ ਸਿੰਘ, ਹਰਿੰਦਰ ਮੱਲ੍ਹੀਆਂ, ਰਜਿੰਦਰ ਗੁਰੂ, ਅਮਰਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਏ. ਆਈ. ਤਕਨੀਕ ਦੀ ਵਰਤੋਂ ਕਰਦੇ ਹੋਏ ਆਮ ਲੋਕਾਂ ਤੋਂ ਅਜਿਹੇ ਸਵਾਲ ਕੀਤੇ ਜਾਣੇ ਹਨ ਜਿਸ ਵਿਚ ਸਰਕਾਰ ਦੀਆਂ ਸਕੀਮਾਂ ਸੰਬੰਧੀ ਹੀ ਲੋਕਾਂ ਦੀ ਰਾਏ ਲਈ ਜਾ ਰਹੀ ਹੈ ਅਤੇ ਉਨ੍ਹਾਂ ਤੋਂ ਇਹ ਵੀ ਪੁੱਛਿਆ ਜਾਵੇਗਾ ਕਿ ਸਰਕਾਰ ਨੂੰ ਹੋਰ ਕਿਹੜੇ ਕੰਮ ਕਰਨੇ ਚਾਹੀਦੇ ਹਨ ਅਜਿਹੇ ਵਿਚ ਪਹਿਲੀ ਨਜ਼ਰ ਵਿਚ ਇਹ ਪ੍ਰਤੀਤ ਹੁੰਦਾ ਹੈ ਕਿ ਸਰਕਾਰ ਵਲੋਂ ਸਰਵੇ ਦੇ ਨਾਂਅ ਹੇਠ ਇਕ ਪਾਰਟੀ ਵਿਸ਼ੇਸ਼ ਲਈ ਕੋਈ ਸਰਵੇ ਜਾਂ ਭਵਿੱਖੀ ਨੀਤੀਆਂ ਕਰਨ ਲਈ ਏਜੰਡਾ ਤਿਆਰ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਇਸ ਭਗਵੰਤ ਮਾਨ ਸਰਕਾਰ ਵਲੋਂ ਜਨਤਕ ਤੌਰ 'ਤੇ ਐਲਾਨ ਕੀਤਾ ਗਿਆ ਸੀ ਕਿ ਕਿਸੇ ਵੀ ਅਧਿਆਪਕ ਤੋਂ ਗੈਰ ਵਿੱਦਿਅਕ ਡਿਊਟੀ ਨਹੀਂ ਕਰਵਾਈ ਜਾਵੇਗੀ, ਅਧਿਆਪਕਾਂ ਨੂੰ ਪੜ੍ਹਾਈ ਲਈ ਸੁਖਾਵਾਂ ਮਾਹੌਲ ਬਣਾਇਆ ਜਾਵੇਗਾ ਪਰ ਇਸ ਦੇ ਉਲਟ ਇਸ ਸਰਕਾਰ ਵਲੋਂ ਲਗਾਤਾਰ ਅਧਿਆਪਕਾਂ ਤੋਂ ਗੈਰ ਵਿੱਦਿਅਕ ਡਿਊਟੀਆਂ ਕਰਵਾਈਆਂ ਜਾ ਰਹੀਆਂ ਹਨ ਇੱਥੋਂ ਤੱਕ ਕਿ ਮਰਦਮਸ਼ੁਮਾਰੀ, ਬੀ. ਐਲ. ਓ. ਡਿਊਟੀਆਂ, ਇਲੈੱਕਸ਼ਨ ਡਿਊਟੀ ਤੋਂ ਇਲਾਵਾ ਡਰੱਗ ਸੈਂਸਜ, ਤੀਰਥ ਯਾਤਰਾ ਅਤੇ ਹੈਲਥ ਕਾਰਡ ਬਣਵਾਉਣ ਲਈ ਵੀ ਵੱਡੇ ਪੱਧਰ ਉੱਪਰ ਅਧਿਆਪਕਾਂ ਦੀ ਡਿਊਟੀ ਲਗਾਈ ਜਾਂਦੀ ਰਹੀ ਹੈ | ਅਧਿਆਪਕ ਲਗਾਤਾਰ ਸਕੂਲਾਂ ਤੋਂ ਬਾਹਰ ਡਿਊਟੀ ਕਰਨ ਲਈ ਮਜਬੂਰ ਕੀਤੇ ਜਾ ਰਹੇ ਹਨ ਜਿਸ ਦਾ ਅਸਰ ਵੱਡੀ ਪੱਧਰ ਦੇ ਉੱਪਰ ਗ਼ਰੀਬ ਵਿਦਿਆਰਥੀਆਂ ਦੀ ਪੜ੍ਹਾਈ ਉੱਪਰ ਵੀ ਪਿਆ ਹੈ | ਸਰਕਾਰ ਦੇ ਇਸ ਰਵਈਏ ਦਾ ਵਿਰੋਧ ਕਰਦਿਆਂ ਹੋਇਆਂ ਅਧਿਆਪਕਾਂ ਨਾਲ ਮੀਟਿੰਗ ਕਰਨ ਉਪਰੰਤ ਜਥੇਬੰਦੀਆਂ ਵਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਡਰੱਗ ਸੈਂਸਜ ਵਿਚ ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਕੀਤੇ ਜਾ ਰਹੇ ਇਸ ਜਬਰ ਦੇ ਵਿਰੋਧ ਵਿਚ 12 ਜੂਨ ਨੂੰ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨਾਲ ਮੀਟਿੰਗ ਕੀਤੀ ਜਾਵੇਗੀ | ਇਸ ਮੌਕੇ ਅੰਮਿ੍ਤਪਾਲ ਕੋਟਦੁੱਨਾ, ਤੇਜਿੰਦਰ ਸਿੰਘ ਤੇਜੀ, ਹਰੀ ਸਿੰਘ, ਭਰਤ ਕੁਮਾਰ, ਮਾਲਵਿੰਦਰ ਸਿੰਘ, ਰਮਨਦੀਪ ਸਿੰਘ, ਕਪਿਲ ਦੇਵ, ਅਮਰੀਕ ਸਿੰਘ ਭੱਦਲਵੱਡ, ਜਸਵੀਰ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ |