05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਤਪਾ ਵਿਖੇ ਸਮੂਹ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ

ਅਜੀਤ ਡੈਸਕ 12-06-2026
ਤਪਾ ਮੰਡੀ, 11 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਡਰੱਗ-ਕਮ-ਸਮਾਜਿਕ ਆਰਥਿਕ ਸੈਂਸਜ ਦੇ ਨਾਂਅ 'ਤੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਤੋਂ ਜਬਰੀ ਗੈਰ ਵਿੱਦਿਅਕ ਡਿਊਟੀਆਂ ਤੇ ਆਪਣੇ ਰਾਜਨੀਤਿਕ ਮੁਫ਼ਾਦਾਂ ਨੂੰ ਪੂਰਾ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ | ਇਕ ਪਾਸੇ ਸਰਕਾਰ ਵਲੋਂ ਅਖ਼ਬਾਰਾਂ ਰਾਹੀਂ ਤੇ ਹੋਰ ਸਾਧਨਾਂ ਰਾਹੀਂ ਇਸ ਸਰਵੇ ਲਈ ਸਵੈ ਇੱਛਤ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਉਣ ਸਬੰਧੀ ਇਸ਼ਤਿਹਾਰ ਦਿੱਤੇ ਗਏ ਹਨ ਉਥੇ ਦੂਜੇ ਪਾਸੇ ਅਧਿਕਾਰੀਆਂ ਵਲੋਂ ਅਧਿਆਪਕਾਂ ਦੀਆਂ ਜਬਰੀ ਡਿਊਟੀਆਂ ਲਗਾ ਕੇ ਅਧਿਆਪਕਾਂ ਨੂੰ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਸ ਦਾ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ | ਐਸ. ਡੀ. ਐਮ. ਦਫ਼ਤਰ ਤਪਾ ਵਿਖੇ ਅਧਿਆਪਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਰਾਜੀਵ ਕੁਮਾਰ ਬਰਨਾਲਾ, ਡਾ. ਨਿਰਮਲ ਪੱਖੋ ਕਲਾਂ, ਰਾਕੇਸ਼ ਕੁਮਾਰ ਉੱਗੋਕੇ, ਸ੍ਰੀ ਚੰਦ, ਮਨਜੀਤ ਬਖਤਗੜ੍ਹ ਤੇ ਪਰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਰਵੇ 'ਚ ਏ.ਆਈ. ਤਕਨੀਕ ਦੀ ਵਰਤੋਂ ਕਰਦੇ ਹੋਏ ਆਮ ਲੋਕਾਂ ਤੋਂ ਅਜਿਹੇ ਸਵਾਲ ਕੀਤੇ ਜਾਣੇ ਹਨ ਜਿਸ ਵਿਚ ਸਰਕਾਰ ਦੀਆਂ ਸਕੀਮਾਂ ਸੰਬੰਧੀ ਹੀ ਲੋਕਾਂ ਦੀ ਰਾਇ ਲਈ ਜਾ ਰਹੀ ਹੈ | ਉਕਤ ਦੇ ਨਾਲ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਕ ਪਾਸੇ ਇਸ ਭਗਵੰਤ ਮਾਨ ਸਰਕਾਰ ਵਲੋਂ ਜਨਤਕ ਤੌਰ 'ਤੇ ਐਲਾਨ ਕੀਤਾ ਗਿਆ ਸੀ ਕਿ ਕਿਸੇ ਵੀ ਅਧਿਆਪਕ ਤੋਂ ਗੈਰ ਵਿੱਦਿਅਕ ਡਿਊਟੀ ਨਹੀਂ ਕਰਵਾਈ ਜਾਵੇਗੀ, ਅਧਿਆਪਕਾਂ ਨੂੰ ਪੜ੍ਹਾਈ ਲਈ ਸੁਖਾਵਾਂ ਮਾਹੌਲ ਬਣਾਇਆ ਜਾਵੇਗਾ, ਪਰ ਇਸ ਦੇ ਉਲਟ ਇਸ ਸਰਕਾਰ ਵਲੋਂ ਲਗਾਤਾਰ ਅਧਿਆਪਕਾਂ ਤੋਂ ਗੈਰ ਵਿੱਦਿਅਕ ਡਿਊਟੀਆਂ ਕਰਵਾਈਆਂ ਜਾ ਰਹੀਆਂ ਹਨ | ਇਥੋਂ ਤੱਕ ਕਿ ਮਰਦਮਸ਼ੁਮਾਰੀ, ਬੀ. ਐਲ. ਓ. ਡਿਊਟੀਆਂ, ਇਲੈੱਕਸ਼ਨ ਡਿਊਟੀ ਤੋਂ ਇਲਾਵਾ ਡਰੱਗ ਸੈਂਸਜ, ਤੀਰਥ ਯਾਤਰਾ ਤੇ ਹੈਲਥ ਕਾਰਡ ਬਣਵਾਉਣ ਲਈ ਵੀ ਵੱਡੇ ਪੱਧਰ ਉੱਪਰ ਅਧਿਆਪਕਾਂ ਦੀ ਡਿਊਟੀ ਲਗਾਈ ਜਾਂਦੀ ਰਹੀ ਹੈ | ਅਧਿਆਪਕ ਲਗਾਤਾਰ ਸਕੂਲਾਂ ਤੋਂ ਬਾਹਰ ਡਿਊਟੀ ਕਰਨ ਲਈ ਮਜਬੂਰ ਕੀਤੇ ਜਾ ਰਹੇ ਹਨ ਜਿਸ ਦਾ ਅਸਰ ਵੱਡੀ ਪੱਧਰ ਦੇ ਉੱਪਰ ਗ਼ਰੀਬ ਵਿਦਿਆਰਥੀਆਂ ਦੀ ਪੜ੍ਹਾਈ ਉੱਪਰ ਵੀ ਪਿਆ ਹੈ | ਇਸ ਮੌਕੇ ਆਗੂਆਂ ਵਲੋਂ ਐੱਸ. ਡੀ. ਐੱਮ ਤਪਾ ਨਾਲ ਮੀਟਿੰਗ ਕਰ ਕੇ ਇਨ੍ਹਾਂ ਗੈਰ ਵਿੱਦਿਅਕ ਡਿਊਟੀਆਂ ਸੰਬੰਧੀ ਵਿਰੋਧ ਦਰਜ ਕਰਵਾਇਆ ਅਤੇ ਐੱਸ. ਡੀ. ਐੱਮ. ਨੇ ਆਗੂਆਂ ਦੇ ਸਾਰੇ ਤਰਕਾਂ ਨਾਲ ਸਹਿਮਤ ਹੁੰਦਿਆਂ ਭਰੋਸਾ ਦਿੱਤਾ ਕਿ ਅਧਿਆਪਕਾਂ ਦੀ ਮੰਗ ਡੀ. ਸੀ. ਕੋਲ ਪਹੁੰਚਾ ਦਿੱਤੀ ਜਾਵੇਗੀ | ਇਸ ਜਬਰ ਦੇ ਵਿਰੋਧ 'ਚ 12 ਜੂਨ ਨੂੰ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਅਧਿਆਪਕਾਂ ਦੇ ਇਕ ਮਾਸ ਡੈਪੂਟੇਸ਼ਨ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ: ਹਰਪ੍ਰੀਤ ਸਿੰਘ ਨਾਲ ਮੀਟਿੰਗ ਕੀਤੀ ਜਾਵੇਗੀ | ਮੀਟਿੰਗ ਵਿਚ ਸੱਤਪਾਲ ਤਪਾ, ਮੁੱਖ ਅਧਿਆਪਕ ਸਾਧੂ ਸਿੰਘ, ਦਵਿੰਦਰ ਤਲਵੰਡੀ, ਪੁਨੀਤ ਤਪਾ, ਜਸਵੀਰ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਜਸਵੰਤ ਰਾਏ, ਯਸ਼ਪਾਲ ਬਾਹੀਆ, ਵਿਸ਼ਾਲ ਉੱਪਲ, ਸਰਿਤਾ ਰਾਣੀ, ਕੰਚਨ ਬਾਲਾ, ਕਿਰਨਜੀਤ ਕੌਰ, ਚਰਨਜੀਤ ਕੌਰ, ਅਸ਼ੀਨਾ ਰਾਣੀ ਸਮੇਤ ਵੱਡੀ ਗਿਣਤੀ 'ਚ ਅਧਿਆਪਕ ਸ਼ਾਮਿਲ ਹੋਏ |
ਪਿਛਲੀ ਖ਼ਬਰ ਪਿੰਡ ਪੱਖੋ ਕਲਾਂ ਕਿਸਾਨ ਦੇ ਖੇਤ 'ਚ ਭੰਨਤੋੜ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਅਗਲੀ ਖ਼ਬਰ ਹਸਨਪ੍ਰੀਤ ਭਾਰਦਵਾਜ ਬਣੇ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।