ਸੁਨਾਮ ਊਧਮ ਸਿੰਘ ਵਾਲਾ, 16 ਜੂਨ (ਸੱਗੂ, ਧਾਲੀਵਾਲ, ਭੁੱਲਰ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ 'ਚ ਬਲਾਕ ਸੰਮਤੀ ਸੁਨਾਮ ਦੇ ਸਰਬਸੰਮਤੀ ਨਾਲ ਚੁਣੇ ਗਏ ਚੇਅਰਪਰਸਨ ਪਰਦੀਪ ਕੌਰ ਬਿਗੜਵਾਲ ਅਤੇ ਵਾਈਸ ਚੇਅਰਮੈਨ ਸੰਦੀਪ ਵਿਰਕ ਸੋਨੀ ਨੇ ਅੱਜ ਆਪਣੇ ਅਹੁਦਿਆਂ ਦਾ ਰਸਮੀ ਤੌਰ 'ਤੇ ਕਾਰਜਭਾਰ ਸੰਭਾਲਿਆ | ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬਲਾਕ ਸੰਮਤੀ ਦੇ ਨਵੇਂ ਅਹੁਦੇਦਾਰਾਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧਣਗੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਸੜਕਾਂ, ਪਾਣੀ ਅਤੇ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਵਿੱਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਗਏ ਹਨ, ਜਿਸ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ | ਨਵੇਂ ਚੇਅਰਪਰਸਨ ਪਰਦੀਪ ਕੌਰ ਬਿਗੜਵਾਲ ਅਤੇ ਵਾਈਸ ਚੇਅਰਮੈਨ ਸੰਦੀਪ ਵਿਰਕ ਸੋਨੀ ਨੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਬਲਾਕ ਦੇ ਹਰੇਕ ਪਿੰਡ ਦੇ ਵਿਕਾਸ ਲਈ ਸਮਰਪਿਤ ਰਹਿਣਗੇ | ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ |