25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸੰਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਅਜੀਤ ਡੈਸਕ 09-07-2026
ਬਰਨਾਲਾ, 8 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹੇ ਨਾਲ ਸਬੰਧਿਤ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਪੋਲਿੰਗ ਸਟੇਸ਼ਨਾਂ ਦੀ ਕੀਤੀ ਗਈ ਰੈਸ਼ਨੇਲਾਈਜੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਗਈ ਹੈ। ਇਸ ਪ੍ਰਕਿਰਿਆ ਤੋਂ ਬਾਅਦ ਹਲਕਾ 103-ਬਰਨਾਲਾ ਅਤੇ 104-ਮਹਿਲ ਕਲਾਂ ਵਿਚ ਇਕ-ਇਕ ਬੂਥ ਕੁੱਲ 2 ਪੋਲਿੰਗ ਬੂਥਾਂ ਦਾ ਵਾਧਾ ਕੀਤਾ ਗਿਆ ਹੈ ਜਿਸ ਨਾਲ ਜ਼ਿਲ੍ਹੇ ਵਿਚ ਕੁੱਲ 560 ਪੋਲਿੰਗ ਸਟੇਸ਼ਨ ਹੋ ਜਾਣਗੇ। ਇਸ ਤੋਂ ਇਲਾਵਾ ਵੱਖ-ਵੱਖ ਪੋਲਿੰਗ ਬੂਥਾਂ ਦੀਆਂ 9 ਇਮਾਰਤਾਂ ਸ਼ਿਫ਼ਟ ਕੀਤੀਆਂ ਜਾਣੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ ਭਰਵਾ ਰਹੇ ਹਨ। ਇਹ ਪ੍ਰਕਿਰਿਆ ਆਗਾਮੀ 24 ਜੁਲਾਈ ਤੱਕ ਨਿਰੰਤਰ ਜਾਰੀ ਰਹੇਗੀ। ਚੋਣ ਅਫ਼ਸਰ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ ਵਿਚ ਆਪਣੇ ਬੂਥ ਲੈਵਲ ਏਜੰਟਾਂ ਰਾਹੀਂ ਪ੍ਰਸ਼ਾਸਨ ਦਾ ਸਹਿਯੋਗ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਯੋਗ ਨਾਗਰਿਕ ਆਪਣੀ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੁਹਰਾਇਆ ਕਿ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਹਰ ਇੱਕ ਯੋਗ ਨਾਗਰਿਕ ਦੀ ਵੋਟ ਲਾਜ਼ਮੀ ਬਣੇ ਅਤੇ ਵੋਟਰ ਸੂਚੀ ਨੂੰ ਸ਼ੁੱਧ ਰੱਖਣ ਲਈ ਕਿਸੇ ਵੀ ਅਯੋਗ ਵਿਅਕਤੀ ਦੀ ਵੋਟ ਸੂਚੀ ਵਿਚ ਦਰਜ ਨਾ ਹੋ ਸਕੇ। ਇਸ ਮੌਕੇ ਸਬੰਧਿਤ ਐਸ.ਡੀ.ਐਮ.-ਕਮ-ਈ.ਆਰ.ਓ., ਇਲੈਕਸ਼ਨ ਤਹਿਸੀਲਦਾਰ ਤੇ ਰਾਜਨੀਤਕ ਪਾਰਟੀਆਂ ਆਮ ਆਦਮੀ ਪਾਰਟੀ, ਇੰਡੀਅਨ ਨੈਸ਼ਨਲ ਕਾਂਗਰਸ, ਬਸਪਾ, ਭਾਜਪਾ, ਸੀ.ਪੀ.ਆਈ. (ਐਮ) ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਵਲੋਂ 15 ਨੂੰ ਖੰਨਾ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ’ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ-ਆਗੂ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ‘ਕੰਮ ਛੋੜ ਹੜਤਾਲ’ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।