ਬਰਨਾਲਾ, 17 ਜੁਲਾਈ (ਨਰਿੰਦਰ ਅਰੋੜਾ)-ਨਗਰ ਨਿਗਮ ਬਰਨਾਲਾ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਸ਼ੁੱਕਰਵਾਰ ਨੂੰ 10ਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਹੀ। ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ। ਮੁੱਖ ਬਾਜ਼ਾਰਾਂ, ਗਲੀਆਂ, ਮੁਹੱਲਿਆਂ ਅਤੇ ਜਨਤਕ ਥਾਵਾਂ ’ਤੇ ਕੂੜੇ ਦੇ ਢੇਰ ਲੱਗਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਧਦੀ ਗੰਦਗੀ ਕਾਰਨ ਸ਼ਹਿਰ ਵਾਸੀਆਂ ਵਿਚ ਬਿਮਾਰੀਆਂ ਫੈਲਣ ਦਾ ਵੀ ਡਰ ਬਣਿਆ ਹੋਇਆ ਹੈ। ਅੱਜ ਸਵੇਰੇ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਨਗਰ ਨਿਗਮ ਦਫ਼ਤਰ ਵਿਖੇ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਸਫ਼ਾਈ ਸੇਵਕਾਂ ਨੇ ਨਗਰ ਨਿਗਮ ਤੋਂ ਇਕ ਵਿਸ਼ਾਲ ਰੋਸ ਮਾਰਚ ਕੱਢਿਆ, ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਮੁੱਖ ਸੜਕਾਂ ਵਿਚੋਂ ਹੁੰਦਾ ਹੋਇਆ ਲੰਘਿਆ। ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫ਼ੂਕ ਕੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਬਿੰਦੂ ਨੇ ਕਿਹਾ ਕਿ ਸਫ਼ਾਈ ਸੇਵਕ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰਾਂ ਬਦਲਦੀਆਂ ਰਹੀਆਂ, ਪਰ ਸਫ਼ਾਈ ਸੇਵਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਅੱਜ ਵੀ ਜਿਉਂ ਦੀਆਂ ਤਿਉਂ ਬਰਕਰਾਰ ਹਨ। ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਵਰਗ ਨੂੰ ਆਪਣੀਆਂ ਮੰਗਾਂ ਲਈ ਧਰਨੇ ਜਾਂ ਪ੍ਰਦਰਸ਼ਨ ਨਹੀਂ ਕਰਨੇ ਪੈਣਗੇ। ਪਰ ਅੱਜ ਹਾਲਾਤ ਇਹ ਹਨ ਕਿ ਸਫ਼ਾਈ ਸੇਵਕਾਂ ਸਮੇਤ ਕਈ ਵਰਗ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਉੱਤਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਭਰ ਵਿਚ ਸਫ਼ਾਈ ਸੇਵਕਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸੂਬਾ ਪੱਧਰੀ ਆਗੂਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ’ਤੇ ਸਕਾਰਾਤਮਿਕ ਫ਼ੈਸਲਾ ਨਾ ਲਿਆ ਤਾਂ ਹੜਤਾਲ ਹੋਰ ਲੰਬੀ ਚੱਲ ਸਕਦੀ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਸੱਤ ਪਾਲ ਰਿੰਕੂ, ਮੰਗਤ ਰਾਮ, ਮੁਕੇਸ਼, ਰਮੇਸ਼ ਕੁਮਾਰ, ਵਿੱਕੀ, ਅਸ਼ੋਕ ਕੁਮਾਰ, ਸੋਨੂ ਮੂਰਤੀ ਦੇਵੀ, ਆਸ਼ਾ ਰਾਣੀ, ਮਿੱਠੂ, ਚਰਨ ਸਿੰਘ ਆਦਿ ਹਾਜ਼ਰ ਸਨ।
ਸਫ਼ਾਈ ਸੇਵਕਾਂ ਨੇ ਸ਼ਹਿਰ ਵਿਚ ਕੱਢਿਆ ਰੋਸ ਮਾਰਚ, ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਅਜੀਤ ਡੈਸਕ
18-07-2026