ਮਹਿਲ ਕਲਾਂ, 18 ਜੁਲਾਈ (ਅਵਤਾਰ ਸਿੰਘ ਅਣਖੀ)-ਅਕਾਲ ਅਕੈਡਮੀ ਮਨਾਲ ਵਿਖੇ ਸੰਤ ਬਾਬਾ ਤੇਜਾ ਸਿੰਘ ਦੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਇਲਾਹੀ ਸ਼ਬਦ ਕੀਰਤਨ ਨਾਲ ਹੋਈ, ਜਿਸ ਨਾਲ ਸਮੂਹ ਵਾਤਾਵਰਨ ਗੁਰਬਾਣੀ ਦੇ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸ਼ਰਧਾ ਭਾਵਨਾ ਨਾਲ ਕੀਰਤਨ ਪੇਸ਼ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਅਧਿਆਪਕਾਂ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਉਨ੍ਹਾਂ ਸੰਤ ਬਾਬਾ ਤੇਜਾ ਸਿੰਘ ਦੇ ਮਹਾਨ ਜੀਵਨ, ਉਨ੍ਹਾਂ ਦੀ ਨਿਮਰਤਾ, ਸੇਵਾ-ਭਾਵਨਾ, ਸਿੱਖੀ ਪ੍ਰਤੀ ਸਮਰਪਣ ਅਤੇ ਸਿੱਖਿਆ ਦੇ ਖੇਤਰ ’ਚ ਪਾਏ ਅਹਿਮ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਬੱਚਿਆਂ ਨੂੰ ਦੱਸਿਆ ਗਿਆ ਕਿ ਸੰਤ ਬਾਬਾ ਤੇਜਾ ਸਿੰਘ ਨੇ ਮਨੁੱਖਤਾ ਦੀ ਸੇਵਾ, ਗੁਰਬਾਣੀ ਦੇ ਪ੍ਰਚਾਰ ਅਤੇ ਉੱਚ ਆਦਰਸ਼ਾਂ ਵਾਲੀ ਸਿੱਖਿਆ ਦੇ ਪ੍ਰਸਾਰ ਲਈ ਆਪਣਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਦੇ ਜੀਵਨ ਤੋਂ ਪੇ੍ਰਰਨਾ ਲੈ ਕੇ ਸਚਾਈ, ਅਨੁਸ਼ਾਸਨ, ਮਿਹਨਤ ਅਤੇ ਸੇਵਾ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਅਖੀਰ ’ਚ ਅਕੈਡਮੀ ਦੇ ਪ੍ਰਿੰਸੀਪਲ ਮੈਡਮ ਅਰਸ਼ਪ੍ਰੀਤ ਕੌਰ, ਪੰਜਾਬੀ ਅਧਿਆਪਕ ਸੁਖਦੀਪ ਸਿੰਘ ਵਲੋਂ ਵਿਦਿਆਰਥੀਆਂ ਨੂੰ ਗੁਰੂਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਗੁਰਸਿੱਖੀ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।