04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਿੱਲੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਦੇ ਵਿਰੋਧ ’ਚ ਭਾਕਿਯੂ ਉਗਰਾਹਾਂ ਵਲੋਂ ਠੁੱਲੀਵਾਲ ’ਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਅਜੀਤ ਡੈਸਕ 22-07-2026

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕਾਈ ਵਲੋਂ ਪਿੰਡ ਠੁੱਲੀਵਾਲ ਵਿਖੇ ਦਿੱਲੀ ਦੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਪਰ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਆਪਣਾ ਰੋਸ ਪ੍ਰਗਟ ਕੀਤਾ। ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਨਾਜ਼ਰ ਸਿੰਘ ਠੁੱਲੀਵਾਲ, ਇਕਾਈ ਪ੍ਰਧਾਨ ਮੇਵਾ ਸਿੰਘ ਭੱਟੀ, ਭੋਲਾ ਸਿੰਘ, ਅਮਰੀਕ ਸਿੰਘ, ਪਿਆਰਾ ਸਿੰਘ ਬਾਠ, ਜਸਪਾਲ ਸਿੰਘ ਸੋਹੀ, ਹਮੀਰ ਸਿੰਘ ਮਾਂਗਟ, ਇਸਤਰੀ ਆਗੂ ਬਲਵੀਰ ਕੌਰ ਅਤੇ ਚਰਨਜੀਤ ਕੌਰ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ, ਪਰ ਕੇਂਦਰ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਦਮਨਕਾਰੀ ਨੀਤੀਆਂ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਉੱਪਰ ਲਾਠੀਚਾਰਜ ਕਰਨਾ ਬੇਹੱਦ ਨਿੰਦਣਯੋਗ ਹੈ ਅਤੇ ਇਸ ਨਾਲ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਠੇਸ ਪਹੁੰਚੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਵਿਦਿਆਰਥੀ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਜ਼ਬਰ ਦਾ ਰਾਹ ਅਪਣਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਦੇਸ਼ ਭਰ ਦੀਆਂ ਫ਼ਸਲਾਂ ਲਈ ਕਾਨੂੰਨੀ ਤੌਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐੱਸ.ਪੀ.) ਦੀ ਗਾਰੰਟੀ ਦਿੱਤੀ ਜਾਵੇ, ਖੇਤੀ ਨੂੰ ਲਾਭਕਾਰੀ ਬਣਾਉਣ ਲਈ ਠੋਸ ਨੀਤੀਆਂ ਬਣਾਈਆਂ ਜਾਣ। ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣ, ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ ਅਤੇ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਸਮਾਜਿਕ ਕਾਰਕੁਨਾਂ ਦੇ ਕੇਸ ਰੱਦ ਕਰ ਕੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਲੋਕਾਂ ਦੇ ਜਮਹੂਰੀ ਅਤੇ ਸੰਵਿਧਾਨਕ ਹੱਕਾਂ ਦੀ ਰੱਖਿਆ ਲਈ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖੇਗੀ।

ਪਿਛਲੀ ਖ਼ਬਰ ਪੰਥ ਅਤੇ ਪੰਜਾਬ ਦੇ ਹਿਤਾਂ ਲਈ ਏਕਤਾ ਦਾ ਹਾਂ ਹਾਮੀ-ਪਰਮਿੰਦਰ ਸਿੰਘ ਢੀਂਡਸਾ ਅਗਲੀ ਖ਼ਬਰ ਇਲਾਕੇ ਦੀਆਂ ਸੜਕਾਂ ’ਤੇ ਘੁੰਮਦੇ ਅਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।