ਤਪਾ ਮੰਡੀ, 27 ਜੁਲਾਈ (ਵਿਜੇ ਸ਼ਰਮਾ)-ਪੰਜਾਬ ਭਰ ਦੇ ਸੱਦੇ ’ਤੇ ਆਮ ਆਦਮੀ ਕਲੀਨਿਕਾਂ ਵਿਚ ਕੰਮ ਕਰਦੇ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਸਹਾਇਕ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਦੀ ਹੜਤਾਲ ’ਤੇ ਚਲੇ ਗਏ। ਜਿਸ ਕਾਰਨ ਮੁਹੱਲਾ ਕਲੀਨਿਕਾਂ ਵਿਚ ਪਹੁੰਚੇ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜਤਾਲ ਕਾਰਨ ਸਬ ਡਵੀਜ਼ਨ ਤਪਾ ਦੇ ਸਾਰੇ ਆਮ ਆਦਮੀ ਕਲੀਨਿਕ ਬੰਦ ਰਹੇ। ਇਸ ਮੌਕੇ ਡਾ: ਯਸ਼ ਗੋਇਲ, ਡਾ: ਹਰਪ੍ਰੀਤ ਫਾਰਮਾਸਿਸਟ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ, ਪੰਜਾਬ ਦੇ ਸੱਦੇ ’ਤੇ ਇਹ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਅਤੇ ਮੰਗਾਂ ਮੰਨਣ ਦਾ ਭਰੋਸਾ ਮਿਲਣ ਦੇ ਬਾਵਜੂਦ ਅਜੇ ਤੱਕ ਕੋਈ ਲਿਖਤੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਕਰਮਚਾਰੀਆਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਨੂੰ ਸਰਕਾਰ ਵਲੋਂ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਵੀ ਕਈ ਵਾਰ ਮੁਲਾਕਾਤ ਹੋ ਚੁੱਕੀ ਹੈ, ਪਰ ਅਜੇ ਤੱਕ ਕੋਈ ਫ਼ੈਸਲਾ ਅਤੇ ਕੋਈ ਵੀ ਲਿਖਤੀ ਭਰੋਸਾ ਨਹੀਂ ਦਿੱਤਾ ਗਿਆ। ਕਰਮਚਾਰੀਆਂ ਨੇ ਦੱਸਿਆ ਕਿ ਪੰਜਾਬ ਭਰ ਵਿਚ ਸਾਰੇ ਜ਼ਿਲਿ੍ਹਆਂ ਦੇ ਸਿਵਲ ਸਰਜਨ ਦਫ਼ਤਰਾਂ ਦੇ ਸਾਹਮਣੇ ਵੀ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਵਲੋਂ ਮੰਗਾਂ ਸਬੰਧੀ ਲਿਖਤੀ ਨੋਟੀਫ਼ਿਕੇਸ਼ਨ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਅਣਮਿਥੇ ਸਮੇਂ ਦੀ ਹੜਤਾਲ ਅਤੇ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰ ਕੇ ਆਮ ਆਦਮੀ ਕਲੀਨਿਕਾਂ ਦੀਆਂ ਸਿਹਤ ਸੇਵਾਵਾਂ ਨੂੰ ਮੁੜ ਸੁਚਾਰੂ ਬਣਾਏ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।