03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਦਾ ਹਾਲ ਜਾਣਿਆ

ਅਜੀਤ ਡੈਸਕ 30-07-2026

ਬਰਨਾਲਾ, 29 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡੀ.ਐਸ.ਪੀ. ਦੇ ਨਾਲ-ਨਾਲ ਮੌਕੇ ’ਤੇ ਤਾਇਨਾਤ ਡਿਊਟੀ ਮਜਿਸਟਰੇਟ ਖ਼ਿਲਾਫ਼ ਵੀ ਬਣਦੀ ਕਾਰਵਾਈ ਕਰਨ ਲਈ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਡਿਊਟੀ ਮਜਿਸਟਰੇਟ ਦੀ ਲਾਪਰਵਾਹੀ ਵੀ ਸਾਹਮਣੇ ਆਈ ਹੈ, ਜਿਸ ਦੀ ਨਿਰਪੱਖ ਜਾਂਚ ਕਰ ਕੇ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਆਪਣੇ ਇੱਕ ਦਿਨਾਂ ਬਰਨਾਲਾ ਦੌਰੇ ਦੌਰਾਨ ਹਰਦੀਪ ਸਿੰਘ ਗਿੱਲ ਨੇ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਸਿਵਲ ਸਰਜਨ ਅਤੇ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਡੀ.ਸੀ. ਦਫ਼ਤਰ ਵਿਖੇ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਕਰਮ ਸਿੰਘ ਕਰਮਾ ਵੀ ਮੌਜੂਦ ਸਨ। ਮੀਟਿੰਗ ਦੌਰਾਨ ਉਪ-ਚੇਅਰਮੈਨ ਵਲੋਂ ਐਸ.ਐਸ.ਪੀ. ਨੂੰ ਲਾਠੀਚਾਰਜ ਮਾਮਲੇ ਸਬੰਧੀ ਦਰਜ ਕੀਤੀ ਗਈ ਡੀ.ਡੀ.ਆਰ. ਦੀ ਕਾਪੀ ਅਤੇ ਘਟਨਾ ਵਾਲੇ ਦਿਨ ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੂਚੀ ਤੁਰੰਤ ਕਮਿਸ਼ਨ ਨੂੰ ਭੇਜਣ ਲਈ ਕਿਹਾ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਜ਼ਖ਼ਮੀ ਕਰਮਚਾਰੀਆਂ ਵਲੋਂ ਇਲਾਜ ’ਤੇ ਹੁਣ ਤੱਕ ਖ਼ਰਚ ਕੀਤੀ ਗਈ ਰਕਮ ਵਾਪਸ ਕੀਤੀ ਜਾਵੇ ਅਤੇ ਉਨ੍ਹਾਂ ਦੇ ਇਲਾਜ ਦਾ ਸਾਰਾ ਖ਼ਰਚਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੁੱਕਿਆ ਜਾਵੇ। ਨਾਲ ਹੀ ਸਮਾਜਿਕ ਸੁਰੱਖਿਆ ਵਿਭਾਗ ਰਾਹੀਂ ਜ਼ਖ਼ਮੀ ਕਰਮਚਾਰੀਆਂ ਨੂੰ ਬਣਦਾ ਮੁਆਵਜ਼ਾ ਤੁਰੰਤ ਮੁਹੱਈਆ ਕਰਵਾਉਣ ਲਈ ਵੀ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਪ-ਚੇਅਰਮੈਨ ਨੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਅਤੇ ਵਾਲਮੀਕੀ ਸਮਾਜ ਦੇ ਨੁਮਾਇੰਦਿਆਂ ਦਾ ਪੱਖ ਵੀ ਸੁਣਿਆ। ਉਨ੍ਹਾਂ ਕਿਹਾ ਕਿ ਜੇਕਰ ਮਾਨਯੋਗ ਹਾਈ ਕੋਰਟ ਦੇ ਕੂੜਾ ਚੁੱਕਣ ਸਬੰਧੀ ਹੁਕਮਾਂ ਦੀ ਜਾਣਕਾਰੀ ਪਹਿਲਾਂ ਹੀ ਕਰਮਚਾਰੀਆਂ ਅਤੇ ਯੂਨੀਅਨ ਨੂੰ ਦਿੱਤੀ ਜਾਂਦੀ ਤਾਂ ਅਜਿਹੀ ਸਥਿਤੀ ਤੋਂ ਬਚਿਆ ਜਾ ਸਕਦਾ ਸੀ। ਉਪਰੰਤ ਹਰਦੀਪ ਸਿੰਘ ਗਿੱਲ ਨੇ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕਰ ਕੇ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਸਫ਼ਾਈ ਕਰਮਚਾਰੀਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਮਰੀਜ਼ਾਂ ਦੀਆਂ ਫਾਈਲਾਂ ਦੀ ਜਾਂਚ ਕੀਤੀ, ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਹਸਪਤਾਲ ਵਿਚ ਦਾਖ਼ਲ 13 ਜ਼ਖ਼ਮੀਆਂ ਦੀਆਂ ਮੈਡੀਕਲ ਰਿਪੋਰਟਾਂ ਮੌਕੇ ’ਤੇ ਹੀ ਮੰਗਵਾਈਆਂ। ਇਸ ਦੇ ਨਾਲ ਹੀ ਹਸਪਤਾਲ ਵਿਚ ਬੰਦ ਪਈ ਐਕਸ-ਰੇ ਮਸ਼ੀਨ ਨੂੰ 24 ਘੰਟਿਆਂ ਦੇ ਅੰਦਰ ਚਾਲੂ ਕਰਨ ਦੇ ਨਿਰਦੇਸ਼ ਦਿੱਤੇ। ਉਹ ਨਗਰ ਨਿਗਮ ਦਫ਼ਤਰ ਵਿਖੇ ਧਰਨੇ ’ਤੇ ਬੈਠੇ ਸਫ਼ਾਈ ਕਰਮਚਾਰੀਆਂ ਨੂੰ ਵੀ ਮਿਲੇ ਅਤੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵਾਲਮੀਕੀ ਮੰਦਰ ਵਿਖੇ ਮੱਥਾ ਟੇਕ ਕੇ ਸਮਾਜ ਦੇ ਆਗੂਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਇਸ ਮਾਮਲੇ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਜਦੋਂ ਤੱਕ ਪੀੜਤ ਕਰਮਚਾਰੀਆਂ ਨੂੰ ਇਨਸਾਫ਼ ਨਹੀਂ ਮਿਲਦਾ, ਕਮਿਸ਼ਨ ਆਪਣੀ ਕਾਰਵਾਈ ਜਾਰੀ ਰੱਖੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ, ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰਾਂ ਨੂੰ ਸਪਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਡੀ.ਜੀ.ਪੀ. ਵਲੋਂ ਇਸ ਮਾਮਲੇ ਸਬੰਧੀ ਰਿਪੋਰਟ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕਮਿਸ਼ਨ ਨੇ ਇਸ ਮਾਮਲੇ ਵਿਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਸੂ ਮੋਟੋ ਨੋਟਿਸ ਜਾਰੀ ਕੀਤਾ ਸੀ।

ਪਿਛਲੀ ਖ਼ਬਰ ਅੱਜ ਸਮੁੱਚੇ ਬਾਜ਼ਾਰ ਬੰਦ ਰੱਖੇ ਜਾਣ ਦੀ ਅਪੀਲ-ਕਰਮਚਾਰੀ ਅਗਲੀ ਖ਼ਬਰ ਲੁੱਟ-ਖੋਹ ਦੇ ਦੋਸ਼ ਹੇਠ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।