ਮੁਲਾਜ਼ਮਾਂ ਨੇ ਸੇਵਾ ਕੇਂਦਰ ਬੰਦ ਕਰ ਕੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੁਤਲੇ ਫੂਕੇ
ਬਰਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਬਰਨਾਲਾ ਦੇ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਸੇਵਾ ਕੇਂਦਰ ਬੰਦ ਕਰ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕਚਹਿਰੀ ਚੌਂਕ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੁਤਲੇ ਫੂਕੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਪ੍ਰੈਸ ਸਕੱਤਰ ਸੈਂਬਰ ਨੇ ਦੱਸਿਆ ਕਿ ਅੱਜ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਦਾ ਹੱਲ ਨਾ ਕੀਤਾ, ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਬਰਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਬਰਨਾਲਾ ਦੇ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਸੇਵਾ ਕੇਂਦਰ ਬੰਦ ਕਰ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕਚਹਿਰੀ ਚੌਂਕ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੁਤਲੇ ਫੂਕੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਪ੍ਰੈਸ ਸਕੱਤਰ ਸੈਂਬਰ ਨੇ ਦੱਸਿਆ ਕਿ ਅੱਜ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਦਾ ਹੱਲ ਨਾ ਕੀਤਾ, ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਜਲਦ ਗੱਲਬਾਤ ਰਾਹੀਂ ਮਸਲੇ ਨਾ ਸੁਲਝਾਏ ਤਾਂ ਪੂਰੇ ਪੰਜਾਬ ਵਿਚ ਇਕ ਵਿਸ਼ਾਲ ਮਹਾਂ ਰੈਲੀ ਕੀਤੀ ਜਾਵੇਗੀ। ਇਸ ਮਹਾਂ ਰੈਲੀ ਦੌਰਾਨ ਸਮੂਹ ਸੇਵਾ ਕੇਂਦਰ ਆਪਰੇਟਰ ਅਤੇ ਮੁਲਾਜ਼ਮ ਮਿਲ ਕੇ ਇਹ ਸਹੁੰ ਚੁੱਕ ਸਮਾਗਮ ਕਰਨਗੇ ਕਿ ਮੌਜੂਦਾ ‘ਆਪ’ ਸਰਕਾਰ ਵਲੋਂ ਮੁਲਾਜ਼ਮ ਵਿਰੋਧੀ ਨੀਤੀਆਂ ਜਾਰੀ ਰੱਖਣ ਕਾਰਨ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਕੋਈ ਵੋਟ ਨਹੀਂ ਪਾਈ ਜਾਵੇਗੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਟਾਲ-ਮਟੋਲ ਵਾਲੀਆਂ ਨੀਤੀਆਂ ਨੂੰ ਬੰਦ ਕਰ ਕੇ ਤੁਰੰਤ ਯੂਨੀਅਨ ਨੂੰ ਮੀਟਿੰਗ ਦਾ ਸੱਦਾ ਦਿੱਤਾ ਜਾਵੇ। ਇਸ ਮੌਕੇ ਖ਼ਜ਼ਾਨਚੀ ਜਗਸੀਰ ਸਿੰਘ, ਬੇਅੰਤ ਸਿੰਘ, ਮਨਜੀਤ ਸਿੰਘ, ਬਲਕਰਨ ਸਿੰਘ, ਪ੍ਰਦੀਪ ਸਿੰਘ, ਪੂਨਮ ਰਾਣੀ ਸਮੂਹ ਸਮੇਤ ਵੱਡੀ ਗਿਣਤੀ ਵਿਚ ਸੇਵਾ ਕੇਂਦਰਾਂ ਦੇ ਮੁਲਾਜ਼ਮ ਮੌਜੂਦ ਸਨ।