ਸ਼ਿਕਾਗੋ, 9 ਜੂਨ (ਕੇਵਲ ਗੁਰਾਇਆ)-ਇੱਥੇ ਭਾਰਤੀ ਕੌਂਸਲੇਟ ਜਨਰਲ ਦਫ਼ਤਰ ਅੱਗੇ ਮਿੱਡਵੈਸਟ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਜੂਨ 1984 ਵਿਚ ਭਾਰਤ ਦੀ ਉਸ ਸਮੇਂ ਦੀ ਇੰਦਰਾ ਗਾਂਧੀ ਦੀ ਸਰਕਾਰ ਵੱਲੋਂ ਕੀਤੇ ਗਏ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਕੀਤੇ ਗਏ ਫ਼ੌਜੀ ਹਮਲੇ ਦੇ ਰੋਸ ਵਜੋਂ ਮੁਜ਼ਾਹਰਾ ਕੀਤਾ ਗਿਆ | ਇਸ ਸਮੇਂ ਬੁਲਾਰਿਆਂ ਨੇ ਕਿਹਾ ਕਿ ਇਹ ਹਮਲਾ ਸਿੱਖ ਕੌਮ ਕਦੇ ਵੀ ਨਹੀਂ ਭੁੱਲ ਸਕਦੀ ਅਤੇ ਨਾ ਹੀ ਭੁਲਾਇਆ ਜਾ ਸਕਦਾ ਹੈ | ਮੁਜ਼ਾਹਰਾਕਾਰੀਆਂ ਨੇ ਖ਼ਾਲਿਸਤਾਨ ਝੰਡੇ ਤੇ 1984 ਦੇ ਵਿਚ ਹੋਏ ਹਮਲੇ ਦੀ ਯਾਦ ਨੂੰ ਦਰਸਾਉਂਦੇ ਹੋਏ ਬੈਨਰ ਅਤੇ ਤਸਵੀਰਾਂ ਵਾਲੇ ਪੋਸਟਰ ਚੁੱਕੇ ਹੋਏ ਸਨ | ਸਿੱਖ ਮੁਜ਼ਾਹਰਾਕਾਰੀਆਂ ਵਲੋਂ ਭਾਰਤ ਸਰਕਾਰ ਵਿਰੁੱਧ ਨਾਅਰੇ ਬਾਜ਼ੀ ਕੀਤੀ ਗਈ | ਇਸ ਰੋਸ ਮੁਜ਼ਾਹਰੇ ਵਿਚ ਸਿੱਖ ਭਾਈਚਾਰੇ ਤੋਂ ਬਿਨਾਂ ਮੁਸਲਿਮ ਭਾਈਚਾਰੇ ਤੇ ਈਸਾਈ ਭਾਈਚਾਰੇ ਦੇ ਲੋਕ ਵੀ ਸ਼ਾਮਿਲ ਸਨ |