ਲੈਸਟਰ (ਇੰਗਲੈਂਡ), 9 ਜੂਨ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਮੈਨਚੈਸਟਰ ਸ਼ਹਿਰ ਦੇ ਇੱਕ ਸਕੂਲ ਵਿਚ ਚਾਕੂ ਨਾਲ ਕੀਤੇ ਗਏ ਹਮਲੇ ਦੌਰਾਨ ਦੋ ਵਿਦਿਆਰਥੀ ਅਤੇ ਇੱਕ ਅਧਿਆਪਕ ਜ਼ਖ਼ਮੀ ਹੋ ਗਏ | ਘਟਨਾ ਤੋਂ ਬਾਅਦ ਸਕੂਲ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਅਤੇ ਪੁਲਿਸ ਨੇ 14 ਸਾਲਾ ਲੜਕੀ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਅਨੁਸਾਰ ਇਹ ਘਟਨਾ ਮੈਨਚੈਸਟਰ ਦੇ ਬਲੈਕਲੀ ਇਲਾਕੇ ਵਿਚ ਸਥਿਤ ਕੋ-ਆਪ ਅਕੈਡਮੀ ਸਕੂਲ ਵਿਚ ਮੰਗਲਵਾਰ ਸਵੇਰੇ ਵਾਪਰੀ | ਸੂਚਨਾ ਮਿਲਣ ਉਪਰੰਤ ਪੁਲਿਸ, ਐਂਬੂਲੈਂਸ ਅਤੇ ਹੋਰ ਐਮਰਜੈਂਸੀ ਸੇਵਾਵਾਂ ਮੌਕੇ 'ਤੇ ਪਹੁੰਚ ਗਈਆਂ | ਹਮਲੇ ਵਿਚ 14 ਸਾਲਾ ਲੜਕੀ ਦੇ ਮੋਢੇ 'ਤੇ ਸੱਟ ਲੱਗੀ ਹੈ, ਜਦਕਿ 14 ਸਾਲਾ ਲੜਕੇ ਦੇ ਕੰਨ ਨੇੜੇ ਜ਼ਖ਼ਮ ਆਇਆ ਹੈ | ਇਸ ਤੋਂ ਇਲਾਵਾ 27 ਸਾਲਾ ਪੁਰਸ਼ ਅਧਿਆਪਕ ਦੇ ਗਲੇ 'ਤੇ ਚਾਕੂ ਨਾਲ ਵਾਰ ਕੀਤਾ ਗਿਆ | ਤਿੰਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਸੱਟਾਂ ਗੰਭੀਰ ਨਹੀਂ ਹਨ ਅਤੇ ਹਾਲਤ ਸਥਿਰ ਹੈ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੇ ਬਹਾਦਰੀ ਦਿਖਾਉਂਦਿਆਂ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਲੜਕੀ ਨੂੰ ਕਾਬੂ ਕਰ ਲਿਆ ਸੀ | ਇਸ ਕਾਰਨ ਹੋਰ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਹੋ ਸਕਿਆ | ਪੁਲਿਸ ਦੇ ਅਧਿਕਾਰੀ ਜੌਨ ਸਿਲਵੌਕ ਨੇ ਕਿਹਾ ਕਿ ਇਹ ਘਟਨਾ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਲਈ ਚਿੰਤਾ ਦਾ ਕਾਰਨ ਬਣੀ ਹੈ, ਪਰ ਹਾਲਾਤ ਨੂੰ ਬਹੁਤ ਜਲਦੀ ਕਾਬੂ ਕਰ ਲਿਆ ਗਿਆ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਹੋਰ ਵਿਅਕਤੀ ਦੀ ਭਾਲ ਨਹੀਂ ਕੀਤੀ ਜਾ ਰਹੀ ਅਤੇ ਲੋਕਾਂ ਲਈ ਕੋਈ ਵਾਧੂ ਖ਼ਤਰਾ ਨਹੀਂ ਹੈ | ਘਟਨਾ ਤੋਂ ਬਾਅਦ ਸਕੂਲ ਅਤੇ ਆਲੇ-ਦੁਆਲੇ ਦੇ ਇਲਾਕੇ ਵਿਚ ਪੁਲਿਸ ਦੀ ਵੱਡੀ ਤਾਇਨਾਤੀ ਕੀਤੀ ਗਈ | ਲੋਕਾਂ ਵਿਚ ਭਰੋਸਾ ਬਣਾਈ ਰੱਖਣ ਲਈ ਪੁਲਿਸ ਅਧਿਕਾਰੀ ਇਲਾਕੇ ਵਿਚ ਗਸ਼ਤ ਕਰ ਰਹੇ ਹਨ | ਮਾਮਲੇ ਦੀ ਜਾਂਚ ਜਾਰੀ ਹੈ |