ਲੈਸਟਰ (ਇੰਗਲੈਂਡ), 16 ਜੂਨ (ਸੁਖਜਿੰਦਰ ਸਿੰਘ ਢੱਡੇ)-ਇੰਡੀਅਨ ਵਰਕਰਜ਼ ਐਸੋਸੀਏਸ਼ਨ (ਗ੍ਰੇਟ ਬ੍ਰਿਟੇਨ) ਨੇ ਬ੍ਰਿਟਿਸ਼ ਸਰਕਾਰ ਵੱਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਬੱਚਿਆਂ ਦੀ ਮਾਨਸਿਕ ਸਿਹਤ, ਸੁਰੱਖਿਆ ਤੇ ਭਲਾਈ ਲਈ ਇਕ ਇਤਿਹਾਸਕ ਤੇ ਦੂਰਅੰਦੇਸ਼ੀ ਕਦਮ ਕਰਾਰ ਦਿੱਤਾ ਹੈ। ਸੰਸਥਾ ਨੇ ਕਿਹਾ ਕਿ ਉਹ ਆਸਟ੍ਰੇਲੀਆ ਵੱਲੋਂ ਇਸੇ ਤਰ੍ਹਾਂ ਦੀ ਨੀਤੀ ਲਾਗੂ ਕਰਨ ਤੋਂ ਬਾਅਦ ਲਗਾਤਾਰ ਬੱਚਿਆਂ ਦੀ ਆਨਲਾਈਨ ਸੁਰੱਖਿਆ ਲਈ ਆਵਾਜ਼ ਉਠਾਉਂਦੀ ਆ ਰਹੀ ਹੈ। ਐਸੋਸੀਏਸ਼ਨ ਵੱਲੋਂ ਸਮੇਂ-ਸਮੇਂ ‘ਤੇ ਸੋਸ਼ਲ ਮੀਡੀਆ ਦੀ ਅਤਿਅਧਿਕ ਵਰਤੋਂ, ਸਾਈਬਰ ਬੁਲਿੰਗ, ਆਨਲਾਈਨ ਸ਼ੋਸ਼ਣ, ਨੁਕਸਾਨਦੇਹ ਸਮੱਗਰੀ ਅਤੇ ਨੌਜਵਾਨਾਂ ‘ਚ ਵਧ ਰਹੀਆਂ ਮਾਨਸਿਕ ਸਿਹਤ ਸਮੱਸਿਆਵਾਂ ਪ੍ਰਤੀ ਚਿੰਤਾ ਪ੍ਰਗਟ ਕੀਤੀ ਜਾਂਦੀ ਰਹੀ ਹੈ।