04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਲੰਡਨ ’ਚ ਭਾਰਤੀ ਵਿਦਿਆਰਥੀਆਂ ਦੇ ਹੱਕ ’ਚ ਪ੍ਰਦਰਸ਼ਨ

ਅਜੀਤ ਡੈਸਕ 30-07-2026
ਲੰਡਨ, 29 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ’ਚ ਭਾਰਤੀ ਵਿਦਿਆਰਥੀਆਂ ਦੇ ਹੱਕ ’ਚ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਯੂ.ਕੇ. ਵੱਲੋਂ ਭਾਰਤੀ ਵਿਦਿਆਰਥੀਆਂ ਤੇ ਹੋਰ ਹਮਖਿਆਲੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਭਾਵੇਂ ਦਿੱਲੀ ਦੇ ਜੰਤਰ-ਮੰਤਰ ਵਿਖੇ ਉਹਨਾਂ ਵਿਦਿਆਰਥੀਆਂ ਦੇ ਹੱਕ ਵਿੱਚ ਉਲੀਕਿਆ ਗਿਆ ਸੀ ਜਿਸ ਨੂੰ ਲੈ ਕੇ ਭਾਰਤ ਦੇ ਸਿੱਖਿਆ ਮੰਤਰੀ ਨੂੰ ਅਸਤੀਫਾ ਦੇਣਾ ਪਿਆ ਸੀ। ਇਸ ਪ੍ਰਦਰਸ਼ਨ ਵਿੱਚ ਇੰਡੀਅਨ ਵਰਕਰਜ਼ ਐਸੋਸੀਏਸ਼ਨ (ਗ੍ਰੇਟ ਬ੍ਰਿਟੇਨ) ਦੇ ਕਾਰਕੁਨਾਂ ਨੇ ਉਚੇਚੇ ਤੌਰ ਤੇ ਹਿੱਸਾ ਲਿਆ। ਅਜੀਤ ਨਾਲ ਗੱਲ ਕਰਦਿਆਂ ਹਰਸੇਵ ਬੈਂਸ ਨੇ ਕਿਹਾ ਕਿ ਨੌਜਵਾਨ ਅਤੇ ਖਾਸ ਤੌਰ ਤੇ ਵਿਦਿਆਰਥੀ ਦੇਸ਼ ਦਾ ਭਵਿੱਖ ਹੁੰਦੇ ਹਨ, ਪਰ ਪਤਾ ਨਹੀਂ ਕਿਉਂ ਭਾਰਤ ਦੀ ਸਰਕਾਰ ਨੇ ਵਿਦਿਆਰਥੀਆਂ ਦੀ ਗੱਲ ਸੁਣਨ ਲਈ ਜਾਂ ਮੰਨਣ ਲਈ ਕਈ ਹਫ਼ਤਿਆਂ ਤੱਕ ਸੰਘਰਸ਼ ਕਰਨ ਲਈ ਮਜਬੂਰ ਕੀਤਾ। ਉਹਨਾਂ ਕਿਹਾ ਕਿ ਅੱਜ ਲੰਡਨ ਵਿੱਚ ਅਸੀਂ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਹੇ ਹਾਂ ਜੋ ਭਾਰਤ ਵਿੱਚ ਨਿਆਂ, ਪਾਰਦਰਸ਼ਤਾ, ਜਵਾਬਦੇਹੀ ਅਤੇ ਸਿੱਖਿਆ ਪ੍ਰਣਾਲੀ ਵਿੱਚ ਅਰਥਪੂਰਨ ਸੁਧਾਰਾਂ ਦੀ ਮੰਗ ਕਰ ਰਹੇ ਹਨ। ਉਹਨਾਂ 21 ਨੌਜਵਾਨਾਂ ਲਈ ਇਨਸਾਫ ਮੰਗ ਰਹੇ ਹਾਂ ਜਿਹਨਾਂ ਦੀਆਂ ਜਾਨਾਂ ਚਲੀਆਂ ਗਈਆਂ।
ਇਹ ਪ੍ਰਦਰਸ਼ਨ ਟਰਾਫ਼ਲਗਰ ਸੁਕੇਅਰ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਿਦਿਆਰਥੀਆਂ ਅਤੇ ਉਹਨਾਂ ਦੇ ਹਮਖਿਆਲੀ ਅਤੇ ਇਨਸਾਫ ਪਸੰਦ ਲੋਕਾਂ ਵੱਲੋਂ ਕੀਤਾ ਗਿਆ। ਇਸ ਮੁਹਿੰਮ ਨੂੰ ਪ੍ਰਵਾਸੀ ਭਾਰਤੀ ਭਾਈਚਾਰੇ, ਟਰੇਡ ਯੂਨੀਅਨਾਂ, ਵਿਦਿਆਰਥੀ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਨੇ ਸਮਰਥਨ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥਾਂ ਵਿੱਚ ਸਰਕਾਰੀ ਨੀਤੀਆਂ ਵਿਰੁੱਧ ਰੋਸ ਪ੍ਰਗਟ ਕਰਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ।
ਦੂਜੇ ਪਾਸੇ ਪ੍ਰਦਰਸ਼ਨਕਾਰੀ ਭਾਰਤ ਦੇ ਸਾਬਕਾ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਨੂੰ ਨੌਜਵਾਨਾਂ ਦੀ ਵੱਡੀ ਜਿੱਤ ਮੰਨ ਰਹੇ ਹਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਉਹਨਾਂ ਨੂੰ ਚੰਗੀ ਵਿੱਦਿਆ ਦੇ ਮੌਕੇ ਦੇਣਾ, ਰੁਜ਼ਗਾਰ ਦੇਣਾ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਰਦਰਸ਼ੀ ਢੰਗ ਨਾਲ ਕਰਵਾਉਣੀਆਂ ਸਰਕਾਰਾਂ ਦਾ ਫਰਜ਼ ਬਣਦਾ ਹੈ। ਹਰਸੇਵ ਬੈਂਸ ਨੇ ਦੱਸਿਆ ਕਿ ਇਸ ਮੌਕੇ ਲੇਬਰ ਪਾਰਟੀ ਦੇ ਸਾਬਕਾ ਨੇਤਾ ਜੈਰਮੀ ਕੌਰਬਿਨ ਦਾ ਸੁਨੇਹਾ ਵੀ ਪੜ੍ਹ ਕੇ ਸੁਣਾਇਆ ਗਿਆ।
ਪਿਛਲੀ ਖ਼ਬਰ ਬ੍ਰਿਟਿਸ਼ ਪਾਕਿਸਤਾਨੀ ਐਸੋਸੀਏਸ਼ਨ ਵੱਲੋਂ ਲੈਸਟਰ ਦੇ ਲਾਰਡ ਮੇਅਰ ਕੁਲਵਿੰਦਰ ਸਿੰਘ ਜੋਹਲ ਦੇ ਸਨਮਾਨ ਵਿੱਚ ਸ਼ਾਨਦਾਰ ਸਮਾਗਮ ਅਗਲੀ ਖ਼ਬਰ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦਾ 65ਵਾਂ ਸਥਾਪਨਾ ਦਿਵਸ 2 ਅਗਸਤ ਨੂੰ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।