ਨਵੀਂ ਦਿੱਲੀ, 13 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕੀਤੇ ਜਾਣ ਦੇ ਫ਼ੈਸਲੇ ਨੂੰ ਲੈ ਕੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤੇ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ 'ਤੇ ਨਿਸ਼ਾਨਾ ਸਾਧਿਆ ਹੈ | ਸ਼ੰਟੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜਦੋਂ 'ਆਪ' ਸਰਕਾਰ ਦੌਰਾਨ ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕੀਤੀ ਗਈ ਸੀ ਤਾਂ ਉਸ ਵੇਲੇ ਦਿੱਲੀ ਕਮੇਟੀ ਦੇ ਪ੍ਰਧਾਨ ਵਜੋ ਸਿਰਸਾ ਨੇ ਵੀਡੀਓ ਜਾਰੀ ਕਰਕੇ ਤਤਕਾਲੀ ਮੁੱਖ ਮੰਤਰੀ ਕੇਜਰੀਵਾਲ ਨੂੰ ਕਸੂਰਵਾਰ ਠਹਿਰਾਉਂਦੇ ਹੋਏ ਕਿਹਾ ਸੀ ਕਿ ਜਦੋਂ ਪ੍ਰੋ. ਭੁੱਲਰ ਨੂੰ ਛੱਡਣ ਦਾ ਵੇਲਾ ਆਇਆ ਤਾਂ ਕੇਜਰੀਵਾਲ ਬੇਈਮਾਨ ਹੋ ਗਿਆ ਹੈ ਕਿਉਂਕਿ ਪਟੀਸ਼ਨ ਰੱਦ ਕਰਨ ਵਾਲਾ ਐੱਸ. ਆਰ. ਬੀ. ਸਰਕਾਰ ਦੇ ਹੀ ਅਧੀਨ ਹੈ | ਸ਼ੰਟੀ ਨੇ ਕਿਹਾ ਕਿ ਹੁਣ ਸ. ਸਿਰਸਾ ਦਿੱਲੀ ਦੇ ਕੈਬਨਿਟ ਮੰਤਰੀ ਹਨ ਤਾਂ ਉਨ੍ਹਾਂ ਨੂੰ ਖੁੱਲ੍ਹ ਕੇ ਦੱਸਣਾ ਚਾਹੀਦਾ ਹੈ ਕਿ ਪ੍ਰੋ. ਭੁੱਲਰ ਦੀ ਰਿਹਾਈ ਮਾਮਲੇ 'ਚ ਹੁਣ ਕੌਣ ਕਸੂਰਵਾਰ ਹੈ? ਦਿੱਲੀ ਕਮੇਟੀ ਪ੍ਰਧਾਨ ਕਾਲਕਾ ਦੀ ਚੁੱਪੀ ਦਾ ਜ਼ਿਕਰ ਕਰਦਿਆਂ ਸ. ਸ਼ੰਟੀ ਨੇ ਕਿਹਾ ਕਿ ਸੰਗਤਾਂ ਨੂੰ ਹੁਣ ਚੰਗੀ ਤਰ੍ਹਾਂ ਸਮਝ ਆ ਰਿਹਾ ਹੈ ਕਿ ਹਰ ਦੂਜੇ ਦਿਨ ਪ੍ਰੈੱਸ ਕਾਨਫ਼ਰੰਸ ਕਰਨ ਵਾਲੇ ਦਿੱਲੀ ਕਮੇਟੀ ਪ੍ਰਧਾਨ ਕਾਲਕਾ, ਪ੍ਰੋ. ਭੁੱਲਰ ਦੀ ਰਿਹਾਈ ਰੱਦ ਕਰਨ ਦੇ ਮਾਮਲੇ 'ਚ ਚੁੱਪ ਕਿਉਂ ਹਨ? ਕੀ ਉਹ ਇਸ ਕਰਕੇ ਚੁੱਪ ਹਨ, ਕਿਉਂਕਿ ਉਨ੍ਹਾਂ ਨੇ ਭਵਿੱਖ 'ਚ ਆਪਣੇ ਪਰਿਵਾਰਕ ਮੈਂਬਰਾਂ ਵਾਸਤੇ ਸਿਆਸੀ ਟਿਕਟ ਲੈਣੀ ਹੋਏਗੀ? ਸ਼ੰਟੀ ਨੇ ਇਹ ਵੀ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ ਸਰਕਾਰ ਨੇ ਪ੍ਰੋ. ਭੁੱਲਰ ਸਮੇਤ 8 ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ | ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ 12 ਅਗਸਤ 2025 ਨੂੰ ਫ਼ੈਸਲਾ ਸੁਣਾਇਆ ਸੀ ਕਿ ਸਜ਼ਾ ਪੂਰੀ ਕਰ ਚੁੱਕੇ ਕਿਸੇ ਵੀ ਕੈਦੀ ਨੂੰ ਜੇਲ੍ਹ ਵਿਚ ਰੱਖਣਾ ਗੈਰ ਕਾਨੂੰਨੀ ਹੈ, ਪਰ ਇਸ ਦੇ ਬਾਵਜੂਦ ਪ੍ਰੋ. ਭੁੱਲਰ ਦੀ ਰਿਹਾਈ ਸੰਭਵ ਨਹੀਂ ਹੋ ਸਕੀ ਹੈ ¢