ਗੁਰੂ ਨਾਨਕ ਮਿਸ਼ਨ ਹਸਪਤਾਲ ਵਲੋਂ ਪਿੰਡ ਤਲਵੰਡੀ ਰਾਏ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 15 ਨੂੰ
ਅਜੀਤ ਡੈਸਕ
14-02-2026
ਜਲੰਧਰ, 13 ਫਰਵਰੀ (ਐੱਮ. ਐੱਸ. ਲੋਹੀਆ)-ਗੁਰੂ ਨਾਨਕ ਮਿਸ਼ਨ ਹਸਪਤਾਲ, ਜਲੰਧਰ ਵਲੋਂ ਪਿੰਡ ਤਲਵੰਡੀ ਰਾਏ, ਬਲਾਕ ਰਾਏਕੋਟ, ਜ਼ਿਲ੍ਹਾ ਲੁਧਿਆਣਾ ਵਿਖੇ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਦਾ ਮੁਫ਼ਤ ਕੈਂਪ 15 ਫਰਵਰੀ, ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਹਸਪਤਾਲ ਦੇ ਜਨਰਲ ਮੈਨੇਜਰ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਹ ਕੈਂਪ ਬਲਵਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਗੁਰਦੁਆਰਾ ਗੰਗਾ ਸਾਗਰ ਸਹਿਬ, ਪਿੰਡ ਤਲਵੰਡੀ ਰਾਏ ਵਿਖੇ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਇਸ ਕੈਂਪ ਦੌਰਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਅੱਖਾਂ ਦੇ ਵਿਭਾਗ ਦੇ ਮੁਖੀ ਡਾ. ਕਪਲਮੀਤ ਸਿੰਘ, ਅੱਖਾਂ ਦੇ ਮਾਹਿਰ ਡਾ. ਨਵਨੀਤ ਗਰਗ ਤੇ ਉਨ੍ਹਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਜਿਹੜੇ ਮਰੀਜ਼ ਅੱਖਾਂ ਦੇ ਆਪ੍ਰੇਸ਼ਨ ਯੋਗ ਹੋਣਗੇ, ਉਨ੍ਹਾਂ ਦੇ ਆਪ੍ਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਆਪ੍ਰੇਸ਼ਨ ਥੀਏਟਰ 'ਚ ਮੁਫ਼ਤ ਕੀਤੇ ਜਾਣਗੇ ਤੇ ਲੈਂਸ ਵੀ ਮੁਫ਼ਤ ਪਾਏ ਜਾਣਗੇ | ਇਸ ਤੋਂ ਇਲਾਵਾ ਲੋੜਵੰਦ ਮਰੀਜ਼ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ ਤੇ ਲੰਗਰ ਦਾ ਵੀ ਪ੍ਰਬੰਧ ਹੋਵੇਗਾ |