ਨਵੀਂ ਦਿੱਲੀ, 28 ਫਰਵਰੀ (ਮਿਸਰਦੀਪ ਭਾਟੀਆ)-ਦਿੱਲੀ ਦੇ ਸਮੈਪੁਰ ਬਾਦਲੀ ਇਲਾਕੇ ਵਿਚ ਬੀਤੇ ਦਿਨੀਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਸੀ | ਇਥੇ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਤਿੰਨ ਮਾਸੂਮ ਧੀਆਂ ਦੀ ਹੱਤਿਆ ਕਰ ਦਿੱਤੀ ਸੀ | ਘਟਨਾ ਤੋਂ ਬਾਅਦ ਦੋਸ਼ੀ ਫ਼ਰਾਰ ਹੋ ਗਿਆ ਸੀ, ਜਿਸ ਨੂੰ ਪੁਲਿਸ ਨੇ ਰਾਜਸਥਾਨ ਤੋਂ ਗਿ੍ਫ਼ਤਾਰ ਕਰ ਲਿਆ ਹੈ | ਏਜੰਸੀ ਅਨੁਸਾਰ ਦੋਸ਼ੀ ਦੀ ਪਛਾਣ ਮੁੰਚਨ ਕੇਵਟ ਵਜੋਂ ਹੋਈ ਹੈ | ਜਿਸਨੇ ਬੁੱਧਵਾਰ ਨੂੰ ਆਪਣੇ ਘਰ ਵਿਚ ਇਸ ਖੌਫ਼ਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਸੀ | ਵਾਰਦਾਤ ਦੇ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ ਸੀ | ਜਿਸਦੇ ਬਾਅਦ ਦਿੱਲੀ ਪੁਲਿਸ ਨੇ ਉਸਦੀ ਭਾਲ ਵਿਚ ਕਈ ਟੀਮਾਂ ਬਣਾਈਆਂ | ਲਗਭਗ 15 ਪੁਲਿਸ ਟੀਮਾਂ ਨੇ ਤਕਨੀਕੀ ਨਿਗਰਾਨੀ ਅਤੇ ਸਥਾਨਕ ਖੁਫ਼ੀਆ ਪੁਲਿਸ ਦੀ ਜਾਣਕਾਰੀ ਦੇ ਆਧਾਰ 'ਤੇ ਦੋਸ਼ੀ ਦੇ ਟਿਕਾਣੇ ਦਾ ਪਤਾ ਲਗਾਇਆ | ਪੁਲਿਸ ਟੀਮ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਦੋਸ਼ੀ ਰਾਜਸਥਾਨ ਦੇ ਕਿਸ਼ਨਗੜ੍ਹ ਵਿਚ ਛੁਪਿਆ ਹੋਇਆ ਹੈ | ਇਸ ਤੋਂ ਬਾਅਦ ਪੁਲਿਸ ਟੀਮ ਨੇ ਉਥੇ ਪੁੱਜ ਕੇ ਉਸਨੂੰ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰੀ ਤੋਂ ਬਾਅਦ ਉਸ ਨੂੰ ਦਿੱਲੀ ਲਿਆਂਦਾ ਗਿਆ ਜਿਥੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਪੁਲਿਸ ਫਿਲਹਾਲ ਹੱਤਿਆ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਸਾਰੇ ਸੰਭਾਵਿਤ ਪਹਿਲੂਆਂ ਦੀ ਜਾਂਚ ਕਰ ਰਹੀ ਹੈ | ਸ਼ੁਰੂਆਤੀ ਜਾਂਚ ਵਿਚ ਘਰੇਲੂ ਝਗੜੇ ਦੀ ਸ਼ੱਕਾ ਦੱਸੀ ਜਾ ਰਹੀ ਹੈ | ਹਾਲਾਂਕਿ ਅਜੇ ਤੱਕ ਕੋਈ ਸਪੱਸ਼ਟ ਕਾਰਨ ਸਾਹਮਣੇ ਨਹੀਂ ਆਇਆ ਹੈ | ਪੁਲਿਸ ਨੇ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ |