ਸਿਰਸਾ, 11 ਮਈ (ਭੁਪਿੰਦਰ ਪੰਨੀਵਾਲੀਆ)- ਭਾਰਤੀ ਕਿਸਾਨ ਏਕਤਾ (ਬੀ.ਕੇ.ਈ.) ਦੇ ਬੈਨਰ ਹੇਠ ਮਿੰਨੀ ਸਕੱਤਰੇਤ 'ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦਾ ਪੁਤਲਾ ਸਾੜਿਆ ਗਿਆ | ਕਿਸਾਨਾਂ ਨੇ ਦੋਸ਼ ਲਗਾਇਆ ਕਿ ਭੁਪਿੰਦਰ ਸਿੰਘ ਹੁੱਡਾ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਸਿਹਰਾ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਨੂੰ ਦੇਣਾ ਕਿਸਾਨ ਅੰਦੋਲਨ ਅਤੇ ਇਸ 'ਚ ਸ਼ਹੀਦ ਹੋਣ ਵਾਲੇ ਕਿਸਾਨਾਂ ਦਾ ਕਥਿਤ ਅਪਮਾਨ ਹੈ | ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਬੀ.ਕੇ.ਈ. ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਅÏਲਖ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਨੇ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਇਤਿਹਾਸਕ ਸੰਘਰਸ਼ ਕੀਤਾ | ਕਿਸਾਨ 378 ਦਿਨਾਂ ਤੱਕ ਦਿੱਲੀ ਦੀਆਂ ਸਰਹੱਦਾਂ 'ਤੇ ਰਹੇ | ਹਜ਼ਾਰਾਂ ਕਿਸਾਨਾਂ 'ਤੇ ਕੇਸ ਦਰਜ ਕੀਤੇ ਗਏ ਅਤੇ ਲਗਭਗ 750 ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ | ਲੰਬੇ ਸੰਘਰਸ਼ ਅਤੇ ਭਾਰੀ ਜਨਤਕ ਦਬਾਅ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰ ਤੋਂ ਮੁਆਫ਼ੀ ਮੰਗੀ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ | ਅÏਲਖ ਨੇ ਕਿਹਾ ਕਿ ਹੁਣ ਕਾਂਗਰਸੀ ਆਗੂਆਂ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਰਾਹੁਲ ਗਾਂਧੀ ਕਾਰਨ ਖੇਤੀ ਕਾਨੂੰਨ ਰੱਦ ਕੀਤੇ ਗਏ ਸਨ ਜੋ ਪੂਰੀ ਤਰ੍ਹਾਂ ਝੂਠੇ ਹਨ ਅਤੇ ਇਹ ਕਿਸਾਨ ਸੰਘਰਸ਼ ਦਾ ਅਪਮਾਨ ਹਨ | ਉਨ੍ਹਾਂ ਨੇ ਸੁਆਲ ਕੀਤਾ ਕਿ ਜੇਕਰ ਕਾਂਗਰਸ ਨੇ ਕਾਨੂੰਨਾਂ ਨੂੰ ਰੱਦ ਕਰਵਾਇਆ ਤਾਂ ਫਿਰ ਕਿਸਾਨ 13 ਮਹੀਨੇ ਸੜਕਾਂ 'ਤੇ ਕਿਉਂ ਬੈਠੇ ਰਹੇ ਅਤੇ ਕਾਂਗਰਸ ਆਗੂ ਵਿਰੋਧ ਪ੍ਰਦਰਸ਼ਨ ਵਿੱਚ ਕਿਸਾਨਾਂ ਨਾਲ ਕਿਉਂ ਨਹੀਂ ਖੜ੍ਹੇ? ਵਿਰੋਧ ਪ੍ਰਦਰਸ਼ਨ ਦੌਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਨੇਤਾ ਨੂੰ ਸਟੇਜ ਸਾਂਝੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ! ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਕੁਰਬਾਨੀਆਂ ਦਾ ਰਾਜਨੀਤਿਕ ਲਾਭ ਲੈਣ ਦੀ ਕਿਸੇ ਵੀ ਕੋਸ਼ਿਸ਼ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਭੁਪਿੰਦਰ ਸਿੰਘ ਹੁੱਡਾ ਕਿਸਾਨਾਂ ਤੋਂ ਜਨਤਕ ਤੌਰ 'ਤੇ ਮੁਆਫ਼ੀ ਮੰਗਣ | ਉਨ੍ਹਾਂ ਕਿਹਾ ਕਿ ਅੱਜ ਵੀ ਕਿਸਾਨ ਐਮ.ਐਸ.ਪੀ., ਕਰਜ਼ਾ ਰਾਹਤ ਅਤੇ ਹੋਰ ਅਧਿਕਾਰਾਂ ਦੀ ਕਾਨੂੰਨੀ ਗਰੰਟੀ ਲਈ ਸੰਘਰਸ਼ ਕਰ ਰਹੇ ਹਨ | ਅÏਲਖ ਨੇ ਕਿਹਾ ਕਿ ਕਿਸਾਨਾਂ ਦੀ ਬਰਬਾਦੀ ਦੀ ਨੀਂਹ ਕਾਂਗਰਸ ਦੇ ਸ਼ਾਸਨ ਦੌਰਾਨ ਰੱਖੀ ਗਈ ਸੀ | ਗੈਟ ਅਤੇ ਡਬਲਯੂ.ਟੀ.ਓ. ਸਮਝੌਤਿਆਂ ਦਾ ਹਵਾਲਾ ਦਿੰਦੇ ਹੋਏ ਅÏਲਖ ਨੇ ਕਿਹਾ ਕਿ ਇਹ ਸਮਝੌਤੇ 1991 ਤੋਂ 1994 ਦੇ ਵਿਚਕਾਰ ਉਸ ਸਮੇਂ ਦੀ ਕਾਂਗਰਸ ਸਰਕਾਰ ਦੁਆਰਾ ਹਸਤਾਖਰ ਕੀਤੇ ਗਏ ਸਨ | ਇਸ ਮੌਕੇ ਬੀ.ਕੇ.ਈ. ਦੇ ਸੂਬਾ ਜਨਰਲ ਸਕੱਤਰ ਅੰਗਰੇਜ਼ ਸਿੰਘ ਕੋਟਲੀ, ਗੁਰਪ੍ਰੀਤ ਸੰਧੂ, ਗੁਰਪ੍ਰੀਤ ਜੈਲਦਾਰ, ਜਗਤਾਰ ਬਰਾੜ, ਗੁਰਜੀਤ ਮਾਨ, ਨੱਥਾ ਸਿੰਘ ਝੋਰੜ ਰੋਹੀ, ਵਿਨੋਦ, ਰਾਜੂ ਸਿੰਘ, ਮਹਾਵੀਰ ਗੁੜੀਆਖੇੜਾ, ਰਾਕੇਸ਼ ਖਾਰੀਆ, ਗੁਰਸੇਵਕ ਸਿੰਘ, ਬਲਕਾਰ ਸਿੰਘ ਸ਼ੀਰਾ ਸਮੇਤ ਕਈ ਕਿਸਾਨ ਮੌਜੂਦ ਸਨ |
ਬੀ.ਕੇ.ਈ. ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਪੁਤਲਾ ਸਾੜਿਆ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਦੇ ਅਪਮਾਨ ਦਾ ਲਾਇਆ ਦੋਸ਼ <br/>
ਅਜੀਤ ਡੈਸਕ
12-05-2026