ਟੋਹਾਣਾ, 19 ਮਈ (ਮਨਜੀਤ ਸਿੰਘ) - ਟੋਹਾਣਾ ਦੇ ਹਿਸਾਰ ਰੋਡ 'ਤੇ ਸਮੈਨ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ | ਇਸ ਹਾਦਸੇ ਵਿੱਚ ਇੱਕ ਸਵਿਫ਼ਟ ਕਾਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਨੰਬਰ ਐੱਚਆਰ 08 ਕਿਊ 4002 ਹੈ | ਟੱਕਰ ਇੰਨੀ ਭਿਆਨਕ ਸੀ ਕਿ ਸਵਿਫ਼ਟ ਕਾਰ ਪਲਟੀਆਂ ਖਾਂਦੀ ਹੋਈ ਮੁੜ ਸਿੱਧੀ ਹੋ ਗਈ, ਜਦਕਿ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਹਾਦਸੇ ਦੀ ਸੂਚਨਾ ਮਿਲਦੇ ਹੀ 112 ਨੰਬਰ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਰਾਜੇਸ਼, ਜੋ ਸਮੈਨ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਇਸ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਮੁਤਾਬਕ ਉਸਦੀ ਇੱਕ ਲੱਤ ਟੁੱਟ ਗਈ ਹੈ | 112 ਨੰਬਰ ਪੁਲਿਸ ਗੱਡੀ ਦੇ ਇੰਚਾਰਜ ਨੇ ਦੱਸਿਆ ਕਿ ਦੁਰਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਐਂਬੂਲੈਂਸ ਦੀ ਸਹਾਇਤਾ ਨਾਲ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |