ਯਮੁਨਾਨਗਰ, 9 ਜੂਨ (ਗੁਰਦਿਆਲ ਸਿੰਘ ਨਿਮਰ)-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਨਾਥ ਦਰਸ਼ਨ ਲਈ ਕੁਰੂਕਸ਼ੇਤਰ ਤੋਂ ਇਕ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵਾਨ ਸ਼ਿਵ ਦੇ ਪਹਿਲੇ ਜੋਤਿਰਲਿੰਗ ਸ੍ਰੀ ਸੋਮਨਾਥ ਮਹਾਦੇਵ ਦੇ ਦਰਸ਼ਨ ਲਈ ਕੁਰੂਕਸ਼ੇਤਰ ਤੋਂ ਇਕ ਵਿਸ਼ੇਸ਼ ਰੇਲਗੱਡੀ ਨੂੰ ਰਵਾਨਾ ਕਰਨਾ ਉਨ੍ਹਾਂ ਲਈ ਬਹੁਤ ਵੱਡਾ ਸਨਮਾਨ ਹੈ | ਉਨ੍ਹਾਂ ਇਸ ਯਾਤਰਾ 'ਤੇ ਜਾ ਰਹੇ ਸੂਬੇ ਦੇ 1100 ਸ਼ਰਧਾਲੂਆਂ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਸਾਰੇ ਸ਼ਰਧਾਲੂਆਂ ਨੂੰ ਪੂਰੇ ਹਰਿਆਣਾ ਅਤੇ ਪੂਰੇ ਭਾਰਤ ਦੀ ਖੁਸ਼ੀ ਅਤੇ ਖੁਸ਼ਹਾਲੀ ਲਈ ਭਗਵਾਨ ਸੋਮਨਾਥ ਅੱਗੇ ਅਰਦਾਸ ਕਰਨ ਦੀ ਅਪੀਲ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਸੋਮਨਾਥ ਮੰਦਰ ਦਾ ਇਤਿਹਾਸ ਭਾਰਤ ਦੇ ਸਬਰ ਦੀ ਗਾਥਾ ਹੈ | ਉਨ੍ਹਾਂ ਕਿਹਾ ਕਿ 11 ਮਈ 1951 ਨੂੰ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਨੇ ਮੁੜ ਨਿਰਮਾਣ ਕੀਤੇ ਸੋਮਨਾਥ ਮੰਦਰ ਦਾ ਉਦਘਾਟਨ ਕੀਤਾ ਸੀ | ਇਹ ਆਜ਼ਾਦੀ ਤੋਂ ਬਾਅਦ ਸੋਮਨਾਥ ਮੰਦਰ ਦੇ ਪੁਨਰ ਨਿਰਮਾਣ ਤੋਂ 75 ਸਾਲ ਬਾਅਦ ਹੈ | ਇਸ ਮੌਕੇ ਨੂੰ ਮਨਾਉਣ ਲਈ ਦੇਸ਼ ਭਰ 'ਚ ਸੋਮਨਾਥ ਸਵਾਭਿਮਾਨ ਪਰਵ ਮਨਾਇਆ ਜਾ ਰਿਹਾ ਹੈ, ਜੋ ਜਨਵਰੀ 2027 ਤੱਕ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਸ਼ਰਧਾਲੂ ਵਿੱਤੀ ਤੰਗੀਆਂ ਕਾਰਨ ਤੀਰਥ ਯਾਤਰਾ ਤੋਂ ਵਾਂਝਾ ਨਾ ਰਹੇ | ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਕਿਹਾ ਕਿ ਇਹ ਯੋਜਨਾ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਵਿਸ਼ੇਸ਼ ਤੌਰ 'ਤੇ ਲਾਭਦਾਇਕ ਸਾਬਿਤ ਹੋ ਰਹੀ ਹੈ | ਇਸ ਯੋਜਨਾ ਤਹਿਤ ਅਜਿਹੇ ਪਰਿਵਾਰਾਂ ਦੇ ਬਜ਼ੁਰਗ ਨਾਗਰਿਕਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ, ਜਿਨ੍ਹਾਂ ਦੀ ਸਾਲਾਨਾ ਆਮਦਨ 1 ਲੱਖ 80 ਹਜ਼ਾਰ ਰੁ. ਤੱਕ ਹੈ | ਇਸ ਦੌਰਾਨ ਸਰਕਾਰ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕਰਦਿਆਂ ਸ਼ਰਧਾਲੂਆਂ ਨੇ ਕਿਹਾ ਕਿ ਇਹ ਯੋਜਨਾ ਗਰੀਬਾਂ ਅਤੇ ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ |