ਨਵੀਂ ਦਿੱਲੀ,17 ਜੂਨ (ਜਗਤਾਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀ ਬਲਾਕ ਕਾਲਕਾਜੀ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਮੌਕੇ ਗੁਰਮਤਿ ਸਮਾਗਮ ਵਿਚ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਦੀ ਸੰਪਾਦਨਾ ਕਰ ਕੇ ਸਾਡੀ ਝੋਲੀ ਗੁਰਬਾਣੀ ਦੀ ਦਾਤ ਪਾਈ ਹੈ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਇਸ ਵਿਚ ਹੋਰ ਬਾਣੀ ਜੋੜ ਕੇ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਤੇ ਸਿੱਖ ਪੰਥ ਨੂੰ ਹੁਕਮ ਦਿੱਤਾ ਕਿ ਅਸੀਂ ਸਿਰਫ਼ ਤੇ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਆਪਣਾ ਗੁਰੂ ਮੰਨਣਾ ਹੈ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਸੰਗਤਾਂ ਪਿਛਲੇ 40 ਦਿਨਾਂ ਤੋਂ ਗੁਰੂ ਕੀ ਇਲਾਹੀ ਬਾਣੀ ਦਾ ਜਾਪ ਕਰ ਰਹੀਆਂ ਹਨ ਪਰ ਅਸੀਂ ਜੀਵਨ ਵਿਚ ਤਾਂ ਹੀ ਸਫਲ ਮੰਨੇ ਜਾ ਸਕਦੇ ਹਾਂ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਗੁਰਸਿੱਖੀ ਜੀਵਨ ਨਾਲ ਜੋੜੀਏ ।