ਜਲੰਧਰ, 24 ਅਕਤੂਬਰ (ਐੱਮ. ਐੱਸ. ਲੋਹੀਆ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਬਾਹਰ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਆਪਣੀਆਂ ਮੰਗਾਂ ਸੰਬੰਧੀ ਇਕ ਮੰਗ ਪੱਤਰ ਮਹਿਕਮੇ ਦੇ ਸੈਕਟਰੀ ਨੂੰ ਭੇਜਣ ਲਈ ਸੌਂਪਿਆ ਗਿਆ। ਆਗੂਆਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਆਂਗਣਵਾੜੀ ਕੇਂਦਰਾਂ ’ਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਤਾਜ਼ਾ ਪਕਾਇਆ ਹੋਇਆ ਗਰਮ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ, ਜੋ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ, ਕੁਪੋਸ਼ਣ ਦੀ ਰੋਕਥਾਮ ਅਤੇ ਉਨ੍ਹਾਂ ਦੀ ਸਿਹਤ ਦੀ ਸੰਭਾਲ ਲਈ ਬਹੁਤ ਮਹੱਤਵਪੂਰਨ ਹੈ ਪਰ ਪੰਜਾਬ ’ਚ ਪੋਸ਼ਣ ਟ੍ਰੈਕ ਦੇ ਨਾਂਅ ’ਤੇ ਬੱਚਿਆਂ ਨੂੰ ਇਸ ਅਹਿਮ ਸਹੂਲਤ ਤੋਂ ਵਾਂਝੇ ਕੀਤਾ ਜਾ ਰਿਹਾ ਹੈ, ਜੋ ਆਈ.ਸੀ.ਡੀ.ਐੱਸ. ਸਕੀਮ ਦੇ ਮੂਲ ਉਦੇਸ਼ਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਆਗੂਆਂ ਨੇ ਕਿਹਾ ਕਿ ਇਹ ਸਥਿਤੀ ਬੇਹੱਦ ਚਿੰਤਾਜਨਕ ਹੈ, ਕਿਉਂਕਿ ਜਿਹੜੀ ਸਕੀਮ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਣਾਈ ਗਈ ਹੈ, ਉਸੇ ਸਕੀਮ ਉੱਤੇ ਬੇਲੋੜੀਆਂ ਸ਼ਰਤਾਂ ਥੋਪ ਕੇ ਉਨ੍ਹਾਂ ਨੂੰ ਪੌਸ਼ਟਿਕ ਭੋਜਨ ਤੋਂ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਜੀਟਲਾਈਜੇਸ਼ਨ ਦੇ ਨਾਂ ’ਤੇ ਬੱਚਿਆਂ ਨੂੰ ਭੋਜਨ ਦੇ ਅਧਿਕਾਰ ਤੋਂ ਵਾਂਝਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਡਿਜੀਟਲ ਪ੍ਰਣਾਲੀਆਂ ਅਤੇ ਆਨਲਾਈਨ ਹਾਜ਼ਰੀ ਨੂੰ ਇਸ ਤਰ੍ਹਾਂ ਲਾਗੂ ਕਰਨਾ ਕਿ ਬੱਚਿਆਂ ਨੂੰ ਉਨ੍ਹਾਂ ਦੇ ਹੱਕ ਦਾ ਭੋਜਨ ਹੀ ਨਾ ਮਿਲੇ, ਆਈ.ਸੀ.ਡੀ.ਐੱਸ ਦੇ ਉਦੇਸ਼ਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਡੀਜੀਟਲ ਪ੍ਰਣਾਲੀ ਲੋਕਾਂ ਨੂੰ ਸਹੂਲਤ ਦੇਣ ਲਈ ਹੁੰਦੀ ਹੈ, ਨਾ ਕਿ ਲੋਕਾਂ ਦੇ ਅਧਿਕਾਰ ਖੋਹਣ ਲਈ, ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਫ਼ੈਸਲੇ ’ਚ ਤੁਰੰਤ ਸੁਧਾਰ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।